
ਗੌਰਮਿੰਟ ਡਰੱਗ ਡੀ ਅਡੀਕਸ਼ਨ ਐਾਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸਰਕਾਰੀ ਨਸ਼ਾ ਛੁਡਾਉ ਕੇਂਦਰ ਅਤੇ ਓਟ ਕਲੀਨਿਕ............
ਫ਼ਤਿਹਗੜ੍ਹ ਸਾਹਿਬ : ਗੌਰਮਿੰਟ ਡਰੱਗ ਡੀ ਅਡੀਕਸ਼ਨ ਐਾਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸਰਕਾਰੀ ਨਸ਼ਾ ਛੁਡਾਉ ਕੇਂਦਰ ਅਤੇ ਓਟ ਕਲੀਨਿਕ ਬੰਦ ਰੱਖੇ ਗਏ | ਇਸੇ ਤਰ੍ਹਾਂ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਨਸ਼ਾ ਛੁਡਾਉ ਕੇਂਦਰ ਅਤੇ ਓਟ ਕਲੀਨਿਕ ਮੁਕੰਮਲ ਬੰਦ ਰੱਖਦੇ ਹੋਏ ਸਰਕਾਰ ਖਿਲਾਫ ਨਾਹਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਰਨਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਭਰਤੀ ਹੋਇਆ ਚਾਰ ਸਾਲ ਹੋ ਚੁੱਕੇ ਹਨ, ਪੰ੍ਰਤੂ ਅਜੇ ਤੱਕ ਨਾ ਤਾਂ ਉਨ੍ਹਾਂ ਨੂੰ ਰੈਗੂਲਰ ਕੀਤਾ ਗਿਆ ਅਤੇ ਨਾ ਹੀ ਤਨਖਾਹ ਵਿਚ ਵਾਧਾ ਹੋਇਆ |
ਇਸ ਨੂੰ ਲੈ ਕੇ ਉਹ ਦੋ ਸਾਲਾਂ ਤੋਂ ਸਰਕਾਰ ਦੇ ਮੰਤਰੀਆਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਮਿਲ ਚੁੱਕੇ ਹਨ, ਪੰ੍ਰਤੂ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ 10 ਜੁਲਾਈ ਨੂੰ ਸੂਬੇ ਦੇ ਆਗੂਆਂ ਵਲੋਂ ਚੰਡੀਗੜ੍ਹ ਵਿਖੇ ਕੀਤੇ ਸੰਘਰਸ਼ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਵਲੋਂ ਮੰਗ ਪੱਤਰ ਲਿਆ ਗਿਆ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਵਿਸ਼ਵਾਸ਼ ਦਿਵਾਇਆ ਸੀ, ਪੰ੍ਰਤੂ ਅਜੇ ਤੱਕ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਨਹੀਂ ਕਰਵਾਈ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ |
ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਉ ਕੇਂਦਰਾਂ ਅਤੇ ਓਟ ਕਲੀਨਿਕਾਂ ਵਿਚ ਕੰਮ ਵੱਧ ਗਿਆ ਅਤੇ ਮੁਲਾਜ਼ਮਾਂ ਨੂੰ 6 ਘੰਟੇ ਦੀ ਬਜਾਏ 12-12 ਘੰਟੇ ਲਗਾਤਾਰ ਡਿਊਟੀ ਕਰਨੀ ਪੈ ਰਹੀ ਹੈ | ਉਨ੍ਹਾਂ ਦੱਸਿਆ ਕਿ ਕਰਮਚਾਰੀ ਇਕ ਨਿੱਜੀ ਸੁਸਾਇਟੀ ਅਧੀਨ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ ਸਿਹਤ ਵਿਭਾਗ ਅਧੀਨ ਲਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਲਈ ਉਹ ਮਜਬੂਰ ਹੋਣਗੇ |