ਬੀਤੇ ਦਿਨੀਂ 16 ਕਿਸਾਨ ਜਥੇਬੰਦੀਆਂ ਨੇ ਭਲਕੇ 22 ਤਾਰੀਕ ਨੂੰ ਚੰਡੀਗੜ੍ਹ ਵਿਚ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ
ਚੰਡੀਗੜ੍ਹ - ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਦਰਅਸਲ ਕਿਸਾਨਾਂ ਨੇ ਭਲ਼ਕੇ ਚੰਡੀਗੜ੍ਹ 'ਚ ਧਰਨੇ ਦਾ ਐਲਾਨ ਕੀਤਾ ਹੈ ਜਿਸ ਤੋਂ ਪਹਿਲਾਂ ਅੱਜ ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਤਰਨਤਾਰਨ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿਚ ਕਿਸਾਨਾਂ ਨੇ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਧਰਨਾ ਲਗਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ 16 ਕਿਸਾਨ ਜਥੇਬੰਦੀਆਂ ਨੇ ਭਲਕੇ 22 ਤਾਰੀਕ ਨੂੰ ਚੰਡੀਗੜ੍ਹ ਵਿਚ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਜੋ ਖਾਸ ਕਰ ਕੇ ਕੇਂਦਰ ਸਰਕਾਰ ਖਿਲਾਫ਼ ਹੋਵੇਗਾ। ਇਸ ਮੋਰਚੇ ਦਾ ਉਦੇਸ਼ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਵੱਲੋਂ ਵਿਸ਼ੇਸ਼ ਪੈਕਜ ਜਾਰੀ ਕਰਵਾਉਣਾ ਹੈ।