
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਿੰਨ ਰੋਜ਼ਾ ‘ਪਲਸ ਪੋਲੀਉ ਮੁਹਿੰਮ’ ਦੀ ਸ਼ੁਰੂਆਤ
ਚੰਡੀਗੜ੍ਹ/ਮੋਹਾਲੀ, 20 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਪੰਜਾਬ ਵਲੋਂ ਸਥਾਨਕ ਪਿੰਡ ਜੁਝਾਰ ਨਗਰ ਵਿਚ ਕਰਵਾਏ ਗਏ ਸੂਬਾ ਪਧਰੀ ਸਮਾਗਮ ਦੌਰਾਨ ਤਿੰਨ ਰੋਜ਼ਾ ਪਲਸ ਪੋਲੀਉ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਈਆਂ।
ਸ. ਸਿੱਧੂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸ.ਐਨ.ਆਈ.ਡੀ.) ਮੁਹਿੰਮ ਤਹਿਤ 20 ਸਤੰਬਰ ਤੋਂ 22 ਸਤੰਬਰ ਤਕ ਸੂਬਾ ਭਰ ਵਿਚ ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜ਼ੋਖ਼ਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ। ਸਿਹਤ ਮੰਤਰੀ ਨੇ ਅੰਕੜੇ ਸਾਂਝੇ ਕਰਦਿਆਂ ਦਸਿਆ, ‘ਇਸ ਪੜਾਅ ਵਿਚ ਸੂਬਾ ਭਰ ਵਿਚ 6,80,800 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਜਿਸ ਲਈ ਕੁਲ 8436 ਸਥਾਨਾਂ ਦੀ ਸ਼ਨਾਖਤ ਕੀਤੀ ਗਈ ਹੈ। ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਘਰ ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਕੁਲ 5530 ਟੀਮਾਂ ਬਣਾਈਆਂ ਗਈਆਂ ਹਨ ਜਦਕਿ ਮੋਬਾਈਲ ਟੀਮਾਂ ਦੀ ਗਿਣਤੀ 656 ਹੈ। ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਕਿਉਂਕਿ ਬੱਚਿਆਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਉਣ ਲਈ ਇਹ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ।
image