
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ।
Punjab Cabinet Meeting
ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ਉਤੇ ਵਿਸ਼ੇਸ਼ ਧਿਆਨ ਦੇਣ ਉਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ।
Charanjit Singh Channi
ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ। ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਗਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ। ਮੰਤਰੀ ਮੰਡਲ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫ਼ਤ ਸਪਲਾਈ ਵੀ ਕੀਤੀ ਜਾਵੇਗੀ।
Charanjit Singh Channi
ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ ਕੀਤੀ। ਇਹ ਫੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ ਵਿਚ ਪ੍ਰਸਤਾਵ ਲਿਆਂਦਾ ਜਾਵੇਗਾ। ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨ੍ਹਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਕੇ ਦੋ ਮਹੀਨਿਆਂ ਦੇ ਅੰਦਰ ਪਲਾਟਾਂ ਦੀ ਅਲਾਟਮੈਂਟ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।
Power Supply
ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿਭਾਗ ਨੂੰ ਜਿੱਥੇ ਕਿਤੇ ਵੀ ਛੱਪੜ, ਸ਼ਮਸ਼ਾਨਘਾਟ ਅਤੇ ਕਬਰਿਸਤਾਨ ਲਈ ਜ਼ਮੀਨ ਖਰੀਦਣ ਦੀ ਲੋੜ ਹੈ, ਉਥੇ ਇਸ ਉਦੇਸ਼ ਲਈ ਨੀਤੀ ਲਿਆਂਦੀ ਜਾਵੇ। ਇਸ ਸਬੰਧੀ ਜ਼ਮੀਨ ਦੇ ਭਾਅ ਤੈਅ ਕਰਨ ਦੇ ਅਧਿਕਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਪੱਧਰ ਉਤੇ ਦਿੱਤੇ ਜਾਣਗੇ। ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ ਕਾਬਜ਼ਕਾਰਾਂ ਨੂੰ ਵਾਜਬ ਕੀਮਤਾਂ ਉਤੇ ਜ਼ਮੀਨ ਅਲਾਟ ਕਰਨ ਲਈ ਨੀਤੀ ਘੜੀ ਜਾਵੇਗੀ।
Charanjit Singh Channi
ਸਿੱਖਿਆ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸਿੱਖਿਆ ਦੇ ਅਧਿਕਾਰ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਅਤੇ ਯੋਗ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਵਿਆਪਕ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਨੂੰ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ।ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ੍ਰੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਦੀ ਮੰਗ ਪ੍ਰਵਾਨ ਕਰਦੇ ਹੋਏ ਮੰਤਰੀ ਮੰਡਲ ਨੇ ਕੰਪਲੈਕਸ ਦੇ ਅੰਦਰ ਤੁਰੰਤ ਨਵਾਂ ਟਿਊਬਵੈਲ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।