
ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਇਆ ਜਾਵੇਗਾ: ਰੰਧਾਵਾ
ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।
Sukhjinder Singh Randhawa assumes Charge as Deputy Chief Minister presence of Chief Minister Charanjit Singh Channi
ਸ. ਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
Sukhjinder Singh Randhawa assumes Charge as Deputy Chief Minister presence of Chief Minister Charanjit Singh Channi
ਇਸ ਮੌਕੇ ਹੋਰਨਾਂ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮ੍ਰਿਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਅਤੇ ਉਨ੍ਹਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਸ਼ਾਮਲ ਹੋਏ।