
ਬਰਨਾਲਾ ਦੇ ਤਰਕਸ਼ੀਲ ਭਵਨ ਵਿਚ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਵੱਡੇ ਸੰਘਰਸ਼ ਦਾ ਕੀਤਾ ਐਲਾਨ
ਮੁਹਾਲੀ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, ਅੱਜ ਬਰਨਾਲਾ ਦੇ ਤਰਕਸ਼ੀਲ ਭਵਨ ਵਿਚ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਲਈ ਕਿਸਾਨ ਮਜਬੂਰ ਹਨ। ਸਰਕਾਰ ਦੀ ਮਸ਼ੀਨਰੀ ਛੋਟੇ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਉੱਪਰ ਪਰਚੇ ਦਰਜ ਕੀਤੇ ਜਾਂਦੇ ਹਨ। ਇਸ ਦਾ ਕਿਸਾਨ ਜੱਥੇਬੰਦੀਆਂ ਸਖ਼ਤ ਵਿਰੋਧ ਕਰ ਕੇ ਸੰਘਰਸ਼ ਕਰਨਗੀਆਂ।
ਇਸ ਮੌਕੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਅੱਜ ਦੀ ਇਸ ਇਕੱਤਰਤਾ ਵਿਚ ਮੁੱਖ ਮੁੱਦਾ ਪਰਾਲੀ ਨੂੰ ਅੱਗ ਲਾਉਣ ਦਾ ਹੈ। ਉਨ੍ਹਾਂ ਕਿਹਾ ਕਿ ਜੋ ਮੁੱਖ ਮੰਤਰੀ ਝੋਨੇ ਦੀ ਪਰਾਲੀ ਲਈ ਮਸ਼ੀਨਰੀ ਦੀ ਗੱਲ ਕਰ ਰਹੇ ਹਨ, ਉਹ ਸਿਰਫ਼ ਧਨਾਢ ਕਿਸਾਨਾਂ ਨੂੰ ਹੀ ਮਿਲੇਗੀ। ਆਮ ਕਿਸਾਨ ਇੰਨੀ ਮਹਿੰਗੀ ਮਸ਼ੀਨਰੀ ਨਹੀਂ ਲੈ ਸਕਣਗੇ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ’ਚ ਪਰਾਲੀ ਨੂੰ ਅੱਗ ਲਾਉਣੀ ਪਵੇਗੀ।
ਇਸ ਮੌਕੇ ਉਨ੍ਹਾਂ ਅੱਜ ਐਲਾਨ ਕੀਤਾ ਕਿ ਕਿਸਾਨ ਹਰ ਹਾਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਗੇ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਕਿਸਾਨ 'ਤੇ ਕੋਈ ਪੰਜਾਬ ਸਰਕਾਰ ਝੋਨੇ ਨੂੰ ਅੱਗ ਲਾਉਣ ਸਬੰਧੀ ਕਾਰਵਾਈ ਕਰਦੀ ਹੈ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਨੂੰ ਰੱਦ ਨਾ ਕਰਨ ਨੂੰ ਲੈ ਕੇ ਵੀ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦੇ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਰੰਧਾਵਾ ਦੀ ਵੱਡੇ ਪੱਧਰ ’ਤੇ ਉਨ੍ਹਾਂ ਦੇ ਪਿੰਡ ਬਰਸੀ ਮਨਾਈ ਜਾਵੇਗੀ। 23 ਅਕਤੂਬਰ ਨੂੰ ਸੰਯੁਕਤ ਮੋਰਚੇ ਵੱਲੋਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਵੱਡੇ ਐਲਾਨ ਕੀਤੇ ਜਾਣਗੇ। 3 ਅਕਤੂਬਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਬਰਸੀ ਮਨਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਰਾਲੀ ਵਾਲੇ ਮੁੱਦੇ ਨੂੰ ਵੱਡਾ ਮੁੱਦਾ ਦੱਸਦਿਆਂ ਕਿਹਾ ਕਿ ਕਿਸਾਨ ਸਿਰਫ਼ 8% ਹੀ ਪ੍ਰਦੂਸ਼ਣ ਕਰਦੇ ਹਨ, ਜਦਕਿ ਬਾਕੀ ਇੰਡਸਟਰੀਆਂ 98% ਪ੍ਰਦੂਸ਼ਣ ਕਰਦੀਆਂ ਹਨ।