- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਵੱਖ-ਵੱਖ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਸੂਬਾ ਪੱਧਰ ’ਤੇ ਉਨ੍ਹਾਂ ਦੇ ਸਾਥੀਆਂ ਦੇ 1159 ਤੋਂ ਵੱਧ ਸ਼ੱਕੀ ਟਿਕਾਣਿਆਂ/ਛੁਪਣਗਾਹਾਂ ’ਤੇ ਛਾਪੇਮਾਰੀ ਕੀਤੀ।
ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ , ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ ਵੱਖ-ਵੱਖ ਗੈਂਗਸਟਰਾਂ ਨਾਲ ਜੁੜੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ।
ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਹ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਲੋੜੀਂਦੀਆਂ ਪੁਲਿਸ ਪਾਰਟੀਆਂ ਤਾਇਨਾਤ ਕਰਨ ਅਤੇ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ ,ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਵੱਡੀ ਸੱਟ ਮਾਰਨਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ 2500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 625 ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਲਗਭਗ 1159 ਟਿਕਾਣਿਆਂ ’ਤੇ ਇਹ ਕਾਰਵਾਈ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 120 ਗ੍ਰਾਮ ਹੈਰੋਇਨ, .32 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੁੱਛਗਿੱਛ ਲਈ 30 ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਡੇਟਾ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਸ਼ੇਸ਼ ਡੀਜੀਪੀ ਨੇ ਅੱਗੇ ਕਿਹਾ ਕਿ ਅੱਜ ਦੀ ਇਹ ਤਲਾਸ਼ੀ ਮੁਹਿੰਮ ਵੱਖ-ਵੱਖ ਗੈਂਗਸਟਰਾਂ ਦੀ ਹਮਾਇਤ ਪ੍ਰਾਪਤ ਮਾਡਿਊਲਾਂ, ਜਿਨ੍ਹਾਂ ਦਾ ਹਾਲ ਹੀ ਵਿੱਚ ਪਰਦਾਫਾਸ਼ ਕੀਤਾ ਗਿਆ ਸੀ, ਦੌਰਾਨ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਚਲਾਈ ਗਈ ਸੀ।