
ਅਕਾਲੀ ਦਲ ਦੇ ਵਿਧਾਇਕਾਂ ਪਵਨ ਟੀਨੂੰ ਤੇ ਐਨ.ਕੇ ਸ਼ਰਮਾ ਨੇ ਮੰਤਰੀ ਧਰਮਸੋਤ ਨੂੰ ਹਟਾਉਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ- ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ 'ਚ ਲਗਾਤਾਰ ਰੋਸ ਜਾਰੀ ਹੈ। ਇਸ ਦੇ ਚਲਦੇ ਹੁਣ ਪੰਜਾਬ ਸਰਕਾਰ ਵਲੋਂ ਤਿੰਨ ਬਿੱਲ ਪਾਸ ਕਰ ਦਿੱਤੇ ਗਏ ਹਨ। ਅੱਜ ਵਿਧਾਨ ਸਭਾ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਵਿਧਾਨ ਸਭਾ ਵੱਲ ਜਾਂਦੇ ਹੋਏ ਮੇਨ ਚੌਕ 'ਤੇ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਅਕਾਲੀ ਦਲ ਵਲੋਂ ਮੰਤਰੀ ਧਰਮਸੋਤ ਨੂੰ ਕਥਿਤ ਵਜ਼ੀਫ਼ਾ ਘੁਟਾਲਾ 'ਚ ਕਲੀਨ ਚਿੱਟ ਦੇਣ ਦੇ ਮਾਮਲੇ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਵਿਧਾਇਕਾਂ ਪਵਨ ਟੀਨੂੰ ਤੇ ਐਨ.ਕੇ ਸ਼ਰਮਾ ਨੇ ਮੰਤਰੀ ਧਰਮਸੋਤ ਨੂੰ ਹਟਾਉਣ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਕੁਝ ਸਮੇਂ ਪਹਿਲਾਂ ਪੋਸਟ ਮੈਟ੍ਰਿਕ ਵਜ਼ੀਫ਼ੇ ਘਪਲੇ ਦੇ ਮਾਮਲੇ 'ਚ ਧਰਮਸੋਤ ਨੂੰ ਕਲੀਨ ਚਿੱਟ ਮਿਲੀ ਸੀ। 65 ਕਰੋੜ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਇਕ ਕਮੇਟੀ ਗਠਿਤ ਕੀਤੀ ਗਈ ਸੀ। ਜਿਸ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਗਈ ਹੈ, ਜਿਸ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਘਪਲਾ ਨਾ ਹੋਣ ਦੀ ਗੱਲ ਕਹੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਿਪੋਰਟ ਮੁਤਾਬਕ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕੋਈ ਗ਼ਲਤ ਪੈਸਾ ਨਹੀਂ ਵੰਡਿਆ ਗਿਆ ਹੈ। ਇਨ੍ਹਾਂ 65 ਕਰੋੜ ਦੀ ਰਕਮ ਵਿਚੋ 7 ਕਰੋੜ ਰੁਪਏ ਆਊਟ ਆਫ਼ ਟਰਨ ਕੁਝ ਕਾਲਜਾਂ ਨੂੰ ਵੰਡੇ ਕੇ ਉਨ੍ਹਾਂ ਦੀ ਮਦਦ ਜ਼ਰੂਰ ਕੀਤੀ ਗਈ ਹੈ। ਸੂਤਰਾਂ ਮੁਤਾਬਕ ਕਮੇਟੀ ਵਲੋਂ ਇਸ ਮਾਮਲੇ ਵਿਚ ਵਿਆਪਕ ਜਾਂਚ ਕੀਤੀ ਗਈ ਹੈ।