
-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾ ਦੇ ਪਸ਼ਚਾਤਾਪ ਵਜੋਂ 8 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ
ਮੋਹਾਲੀ- ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਸੂਬਾ ਪੱਧਰੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਕੀਤੀ ਗਈ । ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਤੋਂ ਬਾਅਦ ਜਾਰੀ ਪ੍ਰੈੱਸ ਬਿਆਨ ਵਿੱਚ ਸਰਦਾਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸ਼ਤਾਬਦੀ ਸਮਾਰੋਹ 13 ਦਸੰਬਰ 2020 ਨੂੰ ਲੁਧਿਆਣਾ ਜ਼ਿਲੇ ਵਿਚ ਵੱਡਾ ਇਕੱਠ ਕਰਕੇ ਮਨਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਅਨੇਕਾਂ ਮਹਾਂਪੁਰਸ਼ਾਂ ਅਤੇ ਸੂਰਵੀਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ ਹੈ ।
Parminder Singh Dhindsa
ਇਸ ਮੌਕੇ ਲਹਿਰਾਗਾਗਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾ, ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬੀਰਦਵਿੰਦਰ ਸਿੰਘ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਵਿਧਾਇਕ ਦੇਸ ਰਾਜ ਧੁੱਗਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਤਜਿੰਦਰਪਾਲ ਸਿੰਘ ਸਿੱਧੂ, ਸਾਬਕਾ ਆਰਟੀਆਈ ਕਮਿਸ਼ਨਰ ਨਿੱਧੜਕ ਸਿੰਘ ਬਰਾੜ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿੱਠੂ ਸਿੰਘ ਕਾਹਨੇਕੇ, ਗੁਰਚਰਨ ਸਿੰਘ ਚੰਨੀ, ਸੁਖਵੰਤ ਸਿੰਘ ਸਰਾਓ, ਗੁਰਬਚਨ ਸਿੰਘ ਬੱਚੀ, ਰਜਿੰਦਰ ਸਿੰਘ ਕਾਂਝਲਾ ਅਤੇ ਹੋਰ ਵੀ ਆਗੂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ ।
Seva Singh Sekhwa
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾ ਦੇ ਪਸ਼ਚਾਤਾਪ ਵਜੋਂ ਸ਼ੁਰੂ ਕੀਤੇ ਅਖੰਡ ਪਾਠਾਂ ਦੀ ਲੜੀ ਦੇ ਅਧੀਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) 8 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏਗਾ ਅਤੇ ਇਸ ਲੜੀ ਨੂੰ ਅੱਗੇ ਵੀ ਜਾਰੀ ਰੱਖੇਗਾ। ਇਸ ਬਾਰੇ ਬੋਲਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਮੌਜੂਦਾ ਨਿਜ਼ਾਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਨੂੰ ਵੱਟਾ ਲਾਇਆ ਹੈ ਅਤੇ ਸਮੂਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ਪੰਥ ਨੂੰ ਲਹਿਦੀ ਕਲਾ ਵੱਲ ਧੱਕਿਆ ਹੈ ।ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੰਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ ਅਤੇ ਕਿਸਾਨ ਜਥੇਬੰਦੀਆਂ ਜੋ ਵੀ ਭਵਿੱਖ ਦਾ ਕਾਰਜਕਰਮ ਨਿਰਧਾਰਤ ਕਰਨਗੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੇਗਾ