
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧੀ ਸਾਲ ਭਰ...
ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਾਸਤੇ ਉਦਾਰਚਿੱਤ ਵਿੱਤੀ ਪੈਕੇਜ਼ ਤੁਰਤ ਐਲਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਇਹ ਸਮਾਰੋਹ ਪੰਜਾਬ ਵਿਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਹਨ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਇਤਿਹਾਸਕ ਮੌਕੇ ਉਨ੍ਹਾਂ ਦੀ ਸਰਕਾਰ ਲੜੀਵਾਰ ਵਿਕਾਸ ਪ੍ਰੋਗਰਾਮ ਸ਼ੁਰੂ ਕਰ ਰਹੀ ਹੈ।
ਇਨ੍ਹਾਂ ਕੁੱਝ ਸਕੀਮਾਂ ਵਿਚ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਸਥਾਪਤ ਕਰਨਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਇੰਟਰਫੇਥ ਸਟੱਡੀਜ਼, ਬਟਾਲਾ ਵਿਖੇ ਇਕ ਮੈਡੀਕਲ ਕਾਲਜ ਦੀ ਸਥਾਪਨਾ ਅਤੇ ਪੰਜਾਬ ਤੇ ਹੋਰਨਾਂ ਸੂਬਿਆਂ ਦੀਆਂ ਜਿਨ੍ਹਾਂ ਥਾਵਾਂ 'ਤੇ ਪਹਿਲੇ ਗੁਰੂ ਜੀ ਗਏ ਸਨ, ਨੂੰ ਜੋੜਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦਾ ਨਿਰਮਾਣ ਅਤੇ ਗੁਰੂ ਜੀ ਨਾਲ ਸਬੰਧਤ 47 ਸਮਾਰਟ ਕਸਬਿਆਂ/ਪਿੰਡਾਂ ਦਾ ਵਿਕਾਸ ਸ਼ਾਮਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਇਨ੍ਹਾਂ ਪ੍ਰਾਜੈਕਟਾਂ ਦੇ ਵਾਸਤੇ ਸੂਬੇ ਨੂੰ ਵਿੱਤੀ ਪੈਕੇਜ਼ ਦਿਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਾਲ ਅਪਣੀ ਪਹਿਲੀ ਮੀਟਿੰਗ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸਮਾਰੋਹਾਂ ਲਈ ਪਹਿਲਾਂ ਹੀ 2145 ਕਰੋੜ ਰੁਪਏ ਦੀ ਸਹਾਇਤਾ ਦੇ ਵਾਸਤੇ ਕੇਂਦਰ ਨੂੰ ਇਕ ਯਾਦ ਪੱਤਰ ਪੇਸ਼ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਜੂਨ 2018 ਨੂੰ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿਚ ਇਨ੍ਹਾਂ ਸਮਾਰੋਹਾਂ ਦੀ ਮਹੱਤਤਾ 'ਤੇ ਚਾਣਨਾ ਪਾਇਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੇਸ਼ ਕੀਤੇ ਯਾਦਪੱਤਰ ਵਿਚ ਇਹ ਸਾਰੇ ਪ੍ਰਸਤਾਵ ਸ਼ਾਮਲ ਹਨ ਅਤੇ 8 ਨਵੰਬਰ ਨੂੰ ਹੋਈ ਪਿਛਲੀ ਮੀਟਿੰਗ ਦੌਰਾਨ ਨੈਸ਼ਨਲ ਇੰਪਲੀਮੈਂਟੇਸ਼ਨ ਕਮੇਟੀ ਨੇ ਇਸ 'ਤੇ ਵਿਚਾਰ ਕੀਤਾ ਸੀ ਪਰ ਸੂਬਾ ਸਰਕਾਰ ਨੂੰ ਇਸ ਸਬੰਧ ਵਿਚ ਲਏ ਗਏ ਫ਼ੈਸਲੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਭੇਜੀ ਗਈ। ਇਸੇ ਦੌਰਾਨ ਮੁੱਖ ਮੰਤਰੀ ਨੇ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨੂੰ ਵੀ ਇਕ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਦਿੱਲੀ ਤੋਂ ਸੁਲਤਾਨਪੁਰ ਲੋਧੀ (ਜ਼ਿਲ੍ਹਾ ਕਪੁਰਥਲਾ) ਤੱਕ ਹਫ਼ਤੇ ਵਿਚ ਤਿੰਨ ਵਾਰ ਚੱਲਣ ਵਾਲੀ ਰੇਲ ਗੱਡੀ ਪ੍ਰਵਾਨ ਕਰਨ ਲਈ ਆਖਿਆ ਹੈ
ਤਾਂ ਜੋ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਢੁਕਵਾਂ ਸੰਪਰਕ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦਾ ਸੁਲਤਾਨਪੁਰ ਲੋਧੀ ਦਾ ਸਫ਼ਰ ਵੀ ਸੁਖਾਲਾ ਬਣਾਇਆ ਜਾ ਸਕੇ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਲਈ ਇਹ ਕੇਂਦਰੀ ਸਥਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਰੋਹਾਂ ਦੌਰਾਨ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਆਮ ਲੋਕਾਂ ਦੇ ਇਥੇ ਆਉਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਕੇਂਦਰੀ ਰੇਲਵੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਪੱਧਰ ਤੁਰਤ ਉਚਾ ਚੁੱਕਣ ਦੇ ਮਾਮਲੇ 'ਤੇ ਵਿਸ਼ੇਸ਼ ਧਿਆਨ ਦੇਣ ਤਾਂ ਜੋ ਇਥੇ ਵੱਡੀ ਗਿਣਤੀ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਕਰਵਾਈ ਜਾ ਸਕੇ।