
ਕੇਂਦਰ ਨੇ ਬਿਕਰਮ ਸਿੰਘ ਮਜੀਠੀਆ ਦੀ 'ਜ਼ੈੱਡ ਸ਼੍ਰੇਣੀ' ਸੁਰੱਖਿਆ ਵਾਪਸ ਲਈ
ਅਕਾਲੀ ਦਲ ਨੇ ਕੇਂਦਰ ਦੇ ਸਿਆਸਤ ਤੋਂ ਪ੍ਰੇਰਿਤ ਫ਼ੈਸਲੇ ਦੀ ਕੀਤੀ ਨਿਖੇਧੀ
ਚੰਡੀਗੜ੍ਹ, 20 ਨਵੰਬਰ (ਨੀਲ ਭਾਲਿੰਦਰ ਸਿੰਘ) : ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਤੋੜਨਾ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਸੁਰੱਖਿਆ ਵਾਪਸ ਲੈ ਲਈ ਹੈ। ਕੇਂਦਰ ਵਲੋਂ ਭੇਜੀ ਚਿੱਠੀ ਮਗਰੋਂ ਪੰਜਾਬ ਸਰਕਾਰ ਹੁਣ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ ਤੇ ਤੈਅ ਕੀਤਾ ਜਾਵੇਗੀ ਕਿ ਉਨ੍ਹਾਂ ਨੂੰ ਹੁਣ ਕਿਸ ਪ੍ਰਕਾਰ ਦੀ ਸੁਰੱਖਿਆ ਦਿਤੀ ਜਾਵੇ।
ਦਸਣਯੋਗ ਹੈ ਕਿ ਮਜੀਠੀਆ ਨੂੰ ਗੈਂਗਸਟਰਾਂ ਤੇ ਵਿਦੇਸ਼ਾਂ ਤੋਂ ਲਗਾਤਾਰ ਧਮਕੀਆਂ ਮਿਲਣ ਕਾਰਨ ਪਿਛਲੀ ਅਕਾਲੀ-ਬੀਜੇਪੀ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਇਸ ਸੁਰੱਖਿਆ ਤਹਿਤ ਮਜੀਠੀਆ ਨੂੰ ਸੀਆਈਐਸਐਫ਼ ਦੇ 30-40 ਜਵਾਨ ਤੇ ਦੋ ਐਸਕਾਰਟ ਵਾਹਨ ਮੁਹਈਆ ਕਰਾਏ ਗਏ ਸਨ।
ਹੁਣ ਕੇਂਦਰ ਦੇ ਨਵੇਂ ਹੁਕਮਾਂ ਮਗਰੋਂ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਹੁਣ ਮਜੀਠੀਆ ਦੀ ਸੁਰੱਖਿਆ ਸਿਰਫ਼ ਪੰਜਾਬ ਪੁਲਿਸ ਦੇ ਅਧੀਨ ਹੈ। ਪੰਜਾਬ ਪੁਲਿਸ ਨੇ ਜੁਲਾਈ 2018 'ਚ ਸੂਬੇ ਦੇ ਸਿਆਸੀ ਲੀਡਰਾਂ ਤੇ ਹੋਰ ਖਾਸ ਸ਼ਖ਼ਸੀਅਤਾਂ ਦੀ ਸੁਰੱਖਿਆ ਦੀ ਸਮੀਖਿਆ ਕਰਦਿਆਂ ਮਜੀਠੀਆ ਦੀ ਸੁਰੱਖਿਆ 'ਚੋਂ 11 ਜਵਾਨ ਵਾਪਸ ਬੁਲਾ ਲਏ ਸਨ। ਹੁਣ ਸੂਬਾ ਸਰਕਾਰ ਨੇ ਕੇਂਦਰ ਦੀ ਤਾਜੀ ਚਿੱਠੀ ਮਗਰੋਂ ਡੀਜੀਪੀ ਨੂੰ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਕਿਹਾ ਹੈ। ਕੇਂਦਰੀ ਖੇਤੀ ਕਾਨੂੰਨਾਂ ਦੇ ਮਸਲੇ ਤੇ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਤੜਿੰਗ ਹਨ। ਅਕਾਲੀ ਦਲ ਵਲੋਂ ਕੇਂਦਰ ਦਾ ਫ਼ੈਸਲਾ
ਬਦਲਾਖੋਰੀ ਦਸਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲਿਸ ਸੁਰੱਖਿਆ ਵਾਪਸ ਲੈਣ ਦੇ ਮਨਮਰਜ਼ੀਆਂ ਵਾਲੇ, ਤਾਨਾਸ਼ਾਹੀ ਤੇ ਸਿਆਸੀ ਤੋਂ ਪ੍ਰੇਰਿਤ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਇਸ ਕਰ ਕੇ ਵਾਪਸ ਲਈ ਗਈ ਹੈ ਕਿਉਂਕਿ ਅਕਾਲੀ ਦਲ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਨਾਲ ਡੱਟ ਕੇ ਖੜਿਆ ਹੈ ਤੇ ਇਸਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਾ ਦਿਤੇ ਜਾਣ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸੰਸਦ ਵਿਚ ਕੇਂਦਰੀ ਖੇਤੀ ਬਿਲਾਂ ਵਿਰੁਧ ਵੋਟ ਪਾਈ ਤੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਵੀ ਦੇ ਦਿਤਾ ਤੇ ਕੌਮੀ ਜਮਹੂਰੀ ਗਠਜੋੜ (ਐਨ ਡੀ ਏ) ਵੀ ਛੱਡ ਦਿਤਾ। ਉਨ੍ਹਾਂ ਕਿਹਾ ਕਿ ਸਪਸ਼ਟ ਹੈ ਕਿ ਸ. ਮਜੀਠੀਆ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਡਰਨ ਵਾਲਾ ਨਹੀਂ ਹੈ ਅਤੇ ਇਹ ਕੇਂਦਰੀ ਖੇਤੀ ਕਾਨੂੰਨਾਂ ਤੇ ਹੋimageਰ ਮਾਮਲਿਆਂ ਜਿਨ੍ਹਾਂ ਨੇ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਕੀਤਾ ਜਾਂ ਇਹ ਪੰਜਾਬ ਵਿਰੋਧੀ ਫ਼ੈਸਲੇ ਹਨ, ਦੇ ਵਿਰੋਧ ਵਿਚ ਕਿਸਾਨਾਂ ਤੇ ਪੰਜਾਬੀਆਂ ਨਾਲ ਡਟਿਆ ਰਹੇਗਾ।