ਪ੍ਰਸ਼ਾਸਨ ਦੀ ਇਹ ਕਾਰਵਾਈ ਬੇਹੱਦ ਮੰਦਭਾਗੀ -ਸਕੱਤਰ ਪ੍ਰਤਾਪ ਸਿੰਘ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸੰਬੰਧੀ ਸਮਾਗਮਾਂ ਦੀ ਜਾਣਕਾਰੀ ਦੇਣ ਲਈ ਵੱਖ ਵੱਖ ਥਾਵਾਂ ਤੇ ਲਗਾਏ ਗਏ ਹੋਰਡਿੰਗਾਂ ਨੂੰ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵੱਖ ਵੱਖ ਥਾਵਾਂ ਤੇ ਹੋਰਡਿੰਗ ਲਗਾਏ ਗਏ ਸਨ।
ਪ੍ਰੰਤੂ ਦੁੱਖ ਦੀ ਗੱਲ ਹੈ ਕਈ ਥਾਵਾਂ ਤੋਂ ਇਹ ਹੋਰਡਿੰਗ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਕਾਰਵਾਈ ਨੇ ਜਿਥੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਉਥੇ ਇਹ ਗੁਰੂ ਸਾਹਿਬ ਦਾ ਅਪਮਾਨ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਨੇ ਹੁਣ ਤੱਕ ਕਈ ਸ਼ਤਾਬਦੀਆਂ ਮਨਾਈਆਂ ਹਨ, ਪ੍ਰੰਤੂ ਅਜਿਹੀ ਹਰਕਤ ਪਹਿਲਾਂ ਕਦੇ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ ਕਿ ਇਹ ਗੁਰੂ ਸਾਹਿਬ ਪ੍ਰਤੀ ਕਿਨ੍ਹਾਂ ਕੁ ਸਤਿਕਾਰ ਰੱਖਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਸਮੂਲੀਅਤ ਕਰਨ।
