
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਦਰਬਾਰ ਸਾਹਿਬ ਤਰਨ-ਤਾਰਨ ਵਿਖੇ ਮੱਥਾ ਟੇਕਿਆ
ਤਰਨ ਤਾਰਨ, 20 ਦਸੰਬਰ (ਅਜੀਤ ਘਰਿਆਲਾ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਿਆ ਅਤੇ ਸੰਗਤ ਵਿਚ ਬੈਠ ਕੇ ਲੰਗਰ ਛਕਿਆ।
ਇਸ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਯਾਦਗਾਰ ਚਿੰਨ੍ਹ ਭੇਂਟ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਅਤੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਉਨ੍ਹਾਂ ਦੇ ਨਾਲ ਸਨ। ਰਾਜਪਾਲ ਅੱਜ ਇੱਥੇ ਤਰਨ ਤਾਰਨ ਜ਼ਿਲ੍ਹੇ ਦੇ ਅਪਣੇ ਪਹਿਲੇ ਦੌਰੇ ’ਤੇ ਆਏ ਸਨ, ਇਸ ਦੌਰਾਨ ਰਾਜਪਾਲ ਵਲੋਂ ਡਿਪਟੀ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਤੋਂ ਜਿਲ੍ਹੇ ਦੇ ਆਰਥਿਕ, ਭੂਗੋਲਿਕ ਤੇ ਸਮਾਜਕ ਪੱਖਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤੋਂ ਇਲਾਵਾ ਜ਼ਿਲ੍ਹੇ ਅੰਦਰ ਵਿਕਾਸ ਕੰਮਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਬਿਨਾਂ ਕਿਸੇ ਦਬਾਅ ਦੇ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਜਿਸ ਤਹਿਤ ਉਹ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਆਮ ਲੋਕਾਂ ਪ੍ਰਤੀ ਹਲੀਮੀ ਵਾਲਾ ਰਵਈਆ ਅਪਣਾਉਣ।