
ਕਿਹਾ- ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨਾ ਸਾਡਾ ਫਰਜ਼ ਹੈ, ਅਜਿਹਾ ਕਰ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ
ਮੋਹਾਲੀ : ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਆਪਣੀ ਵਰਦੀ ਤੋਂ ਅੰਗਰੇਜ਼ੀ ਭਾਸ਼ਾ ਦੀ ਨੇਮ ਪਲੇਟ ਹਟਾ ਕੇ ਪੰਜਾਬੀ ਭਾਸ਼ਾ ਵਿੱਚ ਲਿਖੀ ਨੇਮ ਪਲੇਟ ਲਗਾ ਦਿੱਤੀ ਹੈ। ਉਨ੍ਹਾਂ ਇਸ 'ਤੇ ਮਾਣ ਮਹਿਸੂਸ ਕਰਨ ਦੀ ਗੱਲ ਕਹੀ ਹੈ।
ਹੁਣ ਪੂਰੀ ਪੰਜਾਬ ਪੁਲਿਸ ਵੀ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਨੇਮ ਪਲੇਟਾਂ ਲਗਾ ਸਕਦੀ ਹੈ। ਭਾਵੇਂ ਕਿ ਫਿਲਹਾਲ ਡੀ.ਜੀ.ਪੀ ਵੱਲੋਂ ਇਸ ਸਬੰਧੀ ਕੋਈ ਲਿਖਤੀ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ ਪਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਸਾਰੇ ਵਿਭਾਗਾਂ ਨੂੰ ਮਾਨਯੋਗ ਸਰਕਾਰ ਵੱਲੋਂ ਇਸ ਨੂੰ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਮਾਨ ਸਰਕਾਰ ਨੇ ਪੰਜਾਬ ਦੇ ਮੰਡੀ ਬੋਰਡ, ਕਾਰਪੋਰੇਸ਼ਨ, ਕਾਰਪੋਰੇਸ਼ਨ, ਕੌਂਸਲ, ਸਰਕਾਰੀ ਦਫ਼ਤਰ, ਪੁਲਿਸ ਸਟੇਸ਼ਨ, ਤਹਿਸੀਲ ਅਤੇ ਹੋਰ ਹਰ ਤਰ੍ਹਾਂ ਦੀਆਂ ਸਰਕਾਰੀ ਇਮਾਰਤਾਂ 'ਤੇ ਪੰਜਾਬੀ ਭਾਸ਼ਾ ਵਿੱਚ ਲਿਖੇ ਸਾਈਨ ਬੋਰਡ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਪੰਜਾਬ ਵਿੱਚ ਨਿੱਜੀ ਇਮਾਰਤਾਂ ਅਤੇ ਨਿੱਜੀ ਦਫ਼ਤਰਾਂ ਲਈ ਵੀ ਲਾਜ਼ਮੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਅਜਿਹਾ ਕਰਨ ਲਈ 21 ਫਰਵਰੀ ਤੱਕ ਦਾ ਆਖਰੀ ਅਲਟੀਮੇਟਮ ਦਿੱਤਾ ਹੈ। ਇਸ ਤੋਂ ਬਾਅਦ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।