
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਕੇਂਦਰੀ ਫੋਰੈਂਸਿਕ ਲੈਬਾਰਟਰੀ ਦਿੱਲੀ ਲਿਆਂਦਾ ਗਿਆ
ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਨੂੰ ਉਹਨਾਂ ਦੀ ਆਵਾਜ਼ ਦੇ ਨਮੂਨੇ ਲੈਣ ਲਈ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਨੇ ਦਿੱਲੀ ਦੀ ਇਕ ਅਦਾਲਤ ਦਾ ਰੁਖ ਕੀਤਾ ਸੀ। 9 ਦਸੰਬਰ ਨੂੰ ਅਦਾਲਤ ਨੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਚ ਬਿਸ਼ਨੋਈ ਦੇ ਆਵਾਜ਼ ਦੇ ਨਮੂਨੇ ਲੈਣ ਲਈ ਉਸ ਨੂੰ 20 ਤੋਂ 23 ਦਸੰਬਰ ਤੱਕ ਦਿੱਲੀ ਪੁਲਿਸ ਦੀ ਹਿਰਾਸਤ ਵਿਚ ਰੱਖਣ ਦੀ ਇਜਾਜ਼ਤ ਦਿੱਤੀ ਸੀ।
ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਆਪਣੀ ਜਾਂਚ ਵਿਚ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਉਣ ਲਈ ਵਰਤਿਆ ਗਿਆ ਫ਼ੋਨ ਵੀ ਤਿਹਾੜ ਵਿਚ ਬੰਦ ਇੰਡੀਅਨ ਮੁਜਾਹਿਦੀਨ ਦੇ ਇਕ ਅੱਤਵਾਦੀ ਨੇ ਵਰਤਿਆ ਸੀ। ਅਧਿਕਾਰੀ ਨੇ ਦੱਸਿਆ ਕਿ ਇਹ ਪਾਇਆ ਗਿਆ ਕਿ ਬਿਸ਼ਨੋਈ ਨੇ ਕਥਿਤ ਤੌਰ 'ਤੇ ਉਸ ਨੰਬਰ ਦੀ ਵਰਤੋਂ ਅਪ੍ਰੈਲ ਅਤੇ ਮਈ ਦਰਮਿਆਨ ਪੰਜਾਬ ਅਤੇ ਕੈਨੇਡਾ ਵਿਚ ਆਪਣੇ ਸਾਥੀਆਂ ਨੂੰ ਫ਼ੋਨ ਕਰਨ ਲਈ ਕੀਤੀ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਦਿੱਲੀ ਲਿਆਂਦਾ ਗਿਆ ਤਾਂ ਜੋ ਮਕੋਕਾ ਦੇ ਮਾਮਲੇ ਵਿਚ ਉਹਨਾਂ ਦੀ ਆਵਾਜ਼ ਦੇ ਨਮੂਨੇ ਲਏ ਜਾ ਸਕਣ ਅਤੇ ਜਾਂਚ ਕੀਤੀ ਜਾ ਸਕੇ ਕਿ ਕੀ ਬਿਸ਼ਨੋਈ ਨੇ ਉਸੇ ਜੇਲ੍ਹ ਵਿਚ ਬੰਦ ਇੰਡੀਅਨ ਮੁਜਾਹਿਦੀਨ ਦੇ ਅੱਤਵਾਦੀ ਦੇ ਮੋਬਾਈਲ ਫੋਨ ਦੀ ਵਰਤੋਂ ਕੀਤੀ ਸੀ। 23 ਨਵੰਬਰ ਨੂੰ ਰਾਸ਼ਟਰੀ ਜਾਂਚ ਏਜੰਸੀ ਨੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਅੱਤਵਾਦੀ ਹਮਲੇ ਕਰਨ ਲਈ ਨੌਜਵਾਨਾਂ ਦੀ ਭਰਤੀ ਕਰਨ ਦੀ ਕਥਿਤ ਸਾਜ਼ਿਸ਼ ਦੇ ਮਾਮਲੇ 'ਚ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ ਸੀ।