
ਕਿਹਾ, ਸਿੱਖ ਧਰਮ ’ਚ ਵਿਸ਼ਵਾਸ ਰੱਖਣ ਵਾਲੇ ਸਾਰੇ ਲੋਕ ਗਿਆਨੀ ਹਰਪ੍ਰੀਤ ਸਿੰਘ ਨਾਲ ਖੜ੍ਹੇ ਹੋਣ
ਪਿਛਲੇ ਲੰਬੇ ਸਮੇਂ ਤੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਬਾਦਲਕਿਆਂ ਦੇ ਕਬਜ਼ੇ ਹੇਠ ਹੈ ਤੇ ਜਦੋਂ ਤੋਂ ਇਸ ਉਪਰ ਇਹ ਪਰਵਾਰ ਕਾਬਜ਼ ਹੋਇਆ ਹੈ, ਕਮੇਟੀ ਨਿਘਾਰ ਵਲ ਹੀ ਜਾ ਰਹੀ ਹੈ। ਇਸ ਪਰਵਾਰ ਦਾ ਸ਼੍ਰੋਮਣੀ ਕਮੇਟੀ ਤੋਂ ਗਲਬਾ ਖ਼ਤਮ ਕਰਵਾਉਣ ਲਈ ਕਈ ਵਾਰ ਹੰਭਲਾ ਮਾਰਿਆ ਗਿਆ ਪਰ ਜੀ ਹਜ਼ੂਰੀਆਂ ਨੇ ਸੰਗਤਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿਤਾ। 2 ਦਸੰਬਰ ਦੇ ਘਟਨਾਕ੍ਰਮ ਤੋਂ ਬਾਅਦ ਇਕ ਵਾਰ ਫਿਰ ਇਹ ਮੰਗ ਉਠਣੀ ਸ਼ੁਰੂ ਹੋ ਗਈ ਹੈ ਕਿ ਕਮੇਟੀ ਨੂੰ ਇਨ੍ਹਾਂ ਦੇ ਕਬਜ਼ੇ ’ਚੋਂ ਕਢਿਆ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਮੁਅੱਤਲ ਕਰ ਦਿਤਾ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਅਕਾਲੀ ਦਲ ਦੇ ਪੁਨਰਗਠਨ ਬਾਰੇ ਸ੍ਰੀ ਅਕਾਲ ਤਖ਼ਤ ਦੇ ਫ਼ੈਸਲਿਆਂ ਤੋਂ ਧਿਆਨ ਹਟਾਉਣ ਲਈ ਉਨ੍ਹਾਂ ਦੇ ਚਰਿੱਤਰ ਹਤਿਆ ਦੀ ਕੋਸ਼ਿਸ਼ ਕਰ ਰਹੇ ਹਨ।
ਅੱਜ ਸਪੋਕਸਮੈਨ ਦੀ ਟੀਮ ਇਸ ਮੁੱਦੇ ’ਤੇ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨਾਲ ਗੱਲਬਾਤ ਕਰਨ ਪਹੁੰਚੀ। ਹਰਜੀਤ ਗਰੇਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਇਕ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਸਾਜਿਸ਼ਾਂ ਰਚਦੇ ਰਹਿੰਦੇ ਹਨ ਕਿਉਂਕਿ ਇੱਥੇ ਕਬਜ਼ੇ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਜਿਸ ਪਰਵਾਰ ਦਾ ਕਬਜ਼ਾ ਸੀ, ਉਹ ਹੁਣ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਕਾਰਨ ਇਹ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੁੱਝ ਪਰਵਾਰਾਂ ਦਾ ਪਰਦਾਫ਼ਾਸ਼ ਕੀਤਾ ਹੈ ਇਸ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਰਸਤੇ ਤੋਂ ਹਟਾਉਣ ਲਈ ਇਹ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਹਰਪ੍ਰੀਤ ਸਿੰਘ ਜੋ ਲੜਾਈ ਲੜ ਰਹੇ ਹਨ, ਸਾਨੂੰ ਸਾਰਿਆਂ ਨੂੰ ਮਿਲ ਕੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿੱਖ ਧਰਮ ਵਿਚ ਵਿਸ਼ਵਾਸ ਤੇ ਸ਼ਰਧਾ ਰਖਦੇ ਹਨ, ਉਹ ਸਾਰੇ ਇਸ ਲੜਾਈ ਵਿਚ ਅੱਗੇ ਵਧ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਹੁੰਦਾ ਰਿਹਾ ਤਾਂ ਕਦੇ ਸਿੱਖ ਧਰਮ ਵਿਚ ਸੁਧਾਰ ਨਹੀਂ ਆ ਸਕਦਾ ਤੇ ਪਰਵਾਰਾਂ ਦਾ ਕਬਜ਼ਾ ਰਹੇਗਾ।