
ਕਿਸਾਨਾਂ ਦੇ ਸਮਰਥਨ 'ਚ ਆਯੋਜਤ ਪ੍ਰੋਗਰਾਮ 'ਚ ਸ਼ਾਮਲ ਹੋਣਗੇ ਪਵਾਰ
ਮੁੰਬਈ, 22 ਜਨਵਰੀ: ਐਨਸੀਪੀ ਪ੍ਰਧਾਨ ਸ਼ਰਦ ਪਵਾਰ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਦਰਸਾਉਣ ਲਈ ਮੁੰਬਈ ਵਿਚ ਆਯੋਜਿਤ ਇਕ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ | ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਪਵਾਰ ਨੇ ਇਥੋਂ ਤਕਰੀਬਨ 375 ਕਿਲੋਮੀਟਰ ਦੂਰ, ਕੋਲਹਾਪੁਰ ਵਿਚ ਪੱਤਰਕਾਰਾਂ ਦੇ ਸਾਹਮਣੇ ਜ਼ਿਕਰ ਕਰਦਿਆਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ 18 ਮਹੀਨਿਆਂ ਲਈ ਮੁਅੱਤਲ ਕਰਨ ਦੀ ਕੇਂਦਰ ਦੀ ਪੇਸ਼ਕਸ਼ ਨੂੰ ਰੱਦ ਕਰ ਦਿਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਨੂੰਨਾਂ ਨੂੰ 18 ਮਹੀਨਿਆਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿਤਾ ਸੀ ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿਤਾ | ਉਨ੍ਹਾਂ (ਕਿਸਾਨ) ਨੇ ਸਰਕਾਰ ਨੂੰ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਿਰ ਵਿਚਾਰ ਵਟਾਂਦਰੇ ਲਈ ਕਿਹਾ ਹੈ |
ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਹਾਰਾਸ਼ਟਰ ਦੇ ਸ਼ੁਭਚਿੰਤਕਾਂ ਨੇ ਮੇਰੇ ਨਾਲ, ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ 24 ਜਨਵਰੀ ਜਾਂ 25 ਜਨਵਰੀ ਨੂੰ ਉਹ ਉਨ੍ਹਾਂ ਸਾਰਿਆਂ ਨੂੰ ਇਕਜੁਟ ਕਰਨਗੇ ਜੋ ਅੰਦੋਲਨਕਾਰੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ | ਪਵਾਰ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਇਸ ਲਈ ਬੁਲਾਇਆ | ਅਸੀਂ ਕਿਹਾ ਠੀਕ ਹੈ, ਅਸੀਂ ਆਵਾਂਗੇ | ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਤੋਂ ਬਾਹਰ ਅੰਦੋਲਨ ਕਰ ਰਹੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ | (ਪੀਟੀਆਈ)