
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਉਪਰੰਤ ‘ਆਪ’ ਪੰਜਾਬ ਦੇ ਮੁਖੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਉਪਰੰਤ ‘ਆਪ’ ਪੰਜਾਬ ਦੇ ਮੁਖੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ, ਜਿੱਥੇ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਉੱਤੇ ਜੋ ਵਿਸ਼ਵਾਸ਼ ਜਤਾਇਆ ਹੈ, ਉਸ ’ਤੇ ਖਰਾ ਉਤਰਨ ਲਈ ਉਹਨਾਂ ਨੇ ਗੁਰੂ ਚਰਨਾ ਵਿਚ ਅਰਦਾਸ ਕੀਤੀ ਹੈ। ਮੁੱਖ ਮੰਤਰੀ ਚੰਨੀ ਵਲੋਂ ਅਰਵਿੰਦ ਕੇਜਰੀਵਾਲ ਕੀਤੀ ਚੁਣੌਤੀ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਰਿਜ਼ਰਵ ਸੀਟ ਹੈ, ਇਸ ਲਈ ਉਹ ਮੁੱਖ ਮੰਤਰੀ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਧੂਰੀ ਤੋਂ ਮੇਰੇ ਖਿਲਾਫ਼ ਆ ਕੇ ਚੋਣ ਲੜਨ।
ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਉਹਨਾਂ ਨੇ ਟਵੀਟ ਕਰਦਿਆਂ ਲਿਖਿਆ, “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ... ਸਤਿਗੁਰੂ ਜੀ ਹਮੇਸ਼ਾਂ ਨਿਮਰਤਾ, ਲੋਕਾਂ ਦੀ ਸੇਵਾ ਅਤੇ ਸੱਚ ਦੇ ਰਸਤੇ 'ਤੇ ਚੱਲਣ ਦਾ ਬਲ ਬਖ਼ਸ਼ਣ”।