
2 ਦਸੰਬਰ ਦੇ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕਰਨ ਲਈ ਚਾਰਾਜੋਈ ਕਰਨ ਜਥੇਦਾਰ
Shiromani Committee members submitted a memorandum of demand at Sri Akal Takht Sahib: ਅੱਜ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਭਾਵੇਂ ਉਨ੍ਹਾਂ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਤਾਂ ਨਹੀਂ ਹੋਈ ਪਰ ਉਹਨਾਂ ਨੇ ਆਪਣਾ ਮੰਗ ਪੱਤਰ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੂੰ ਸੌਂਪਿਆ। ਉਨ੍ਹਾਂ ਨਾਲ ਜ਼ੁਬਾਨੀ ਗੱਲਬਾਤ ਵੀ ਕੀਤੀ।
ਮੰਗ ਪੱਤਰ ਸੌਂਪਣ ਤੋਂ ਬਾਅਦ ਮੈਂਬਰਾਂ ਨੇ ਇੱਥੇ ਪਹੁੰਚਣ ਦਾ ਮਕਸਦ ਦਸਦਿਆਂ ਕਿਹਾ ਕਿ 2 ਦਸੰਬਰ ਨੂੰ ਸੁਖਬੀਰ ਬਾਦਲ ਨੇ ਜਥੇਦਾਰ ਸਾਹਿਬਨ ਤੇ ਸੰਗਤ ਦੀ ਕਚਹਿਰੀ ਵਿਚ ਸਾਰੇ ਗੁਨਾਹ ਮੰਨੇ ਸਨ। ਪਰ ਕੁਝ ਕੁ ਦਿਨਾਂ ਬਾਅਦ ਉਨ੍ਹਾਂ ਰੈਲੀਆਂ ਵਿਚ ਇਹ ਕਹਿਣਾ ਸ਼ੁਰੂ ਕਰ ਦਿਤਾ ਕਿ ਉਨ੍ਹਾਂ ਤਾਂ ਕੋਈ ਗਲਤੀ ਕੀਤੀ ਹੀ ਨਹੀਂ ਸਗੋਂ ਵਿਵਾਦ ਖ਼ਤਮ ਕਰਨ ਲਈ ਸਾਰੇ ਗੁਨਾਹ ਆਪਣੀ ਝੋਲੀ ਵਿਚ ਪਾ ਲਏ ਸਨ।
ਮੈਂਬਰਾਂ ਨੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਨੂੰ ਬਚਕਾਨਾ ਤੇ ਗੈਰ ਜ਼ਿੰਮੇਵਾਰ ਦਸਦਿਆਂ ਕਿਹਾ ਕਿ ਹੁਣ ਨਵਾਂ ਇਤਿਹਾਸ ਬਣਨ ਜਾ ਰਿਹਾ ਹੈ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿੱਖ ਆਗੂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋ ਜਾਇਆ ਕਰਨਗੇ।
ਮੈਂਬਰਾਂ ਨੇ ਕਿਹਾ ਕਿ 2 ਦਸੰਬਰ ਦੇ ਗੁਰਮਤੇ ਵਿਚ ਜਥੇਦਾਰਾਂ ਨੇ ਸਪਸ਼ਟ ਕੀਤਾ ਸੀ ਕਿ ਅਕਾਲੀ ਦਲ ਦੀ ਮੈਂਬਰਸ਼ਿਪ ਸੱਤ ਮੈਂਬਰੀ ਕਮੇਟੀ ਦੀ ਰਹਿਨੁਮਾਈ ਹੇਠ ਹੋਵੇਗੀ ਪਰ ਬਾਦਲ ਧੜੇ ਨੇ ਇਨ੍ਹਾਂ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਆਪਣੇ ਪੱਧਰ ਉਤੇ ਹੀ ਭਰਤੀ ਮੁਹਿੰਮ ਸ਼ੁਰੂ ਕਰ ਦਿਤੀ ਹੈ ਜੋ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਸਰਾਸਰ ਉਲੰਘਣਾ ਹੈ। ਇਸ ਸਬੰਧੀ ਜਥੇਦਾਰ ਅਕਾਲ ਤਖ਼ਤ ਨੂੰ ਗੰਭੀਰ ਤੇ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ।
ਮੈਂਬਰਾਂ ਨੇ ਇਹ ਵੀ ਕਿਹਾ ਕਿ ਜਦੋਂ 2 ਦਸੰਬਰ ਨੂੰ ਜਥੇਦਾਰਾਂ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਵਾਪਸ ਲਿਆ ਸੀ ਤਾਂ ਉਸ ਵੇਲੇ ਨਾਨਕ ਨਾਮ ਲੇਵਾ ਸੰਗਤ ਨੇ ਰਾਹਤ ਮਹਿਸੂਸ ਕੀਤੀ ਸੀ। ਪਰ ਕੁਝ ਕੁ ਲੋਕ 4-5 ਹਜ਼ਾਰ ਲੋਕਾਂ ਨੂੰ ਇਕੱਠੇ ਕਰ ਕੇ ਤੇ ਉਨ੍ਹਾਂ ਤੋਂ ਬਾਹਾਂ ਖੜ੍ਹੀਆਂ ਕਰਵਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦੁਬਾਰਾ ਫ਼ਖਰ-ਏ-ਕੌਮ ਦੇਣ ਦੀ ਮੰਗ ਕਰ ਰਹੇ ਹਨ। ਜੋ ਕਿ ਅਕਾਲ ਤਖ਼ਤ ਸਾਹਿਬ ਨੂੰ ਇਕ ਤਰ੍ਹਾਂ ਦੀ ਚੁਣੌਤੀ ਹੈ। ਉਨ੍ਹਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਕਿ ਅਜਿਹੇ ਭਗੌੜੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।