ਗੈਂਗਸਟਰ ਜਸਪਾਲ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਾਰਵਾਈ ਦੌਰਾਨ ਤਿੰਮੋਵਾਲ ਨਜ਼ਦੀਕ ਇਲਾਕੇ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਕਪੂਰਥਲਾ ਕਤਲ ਕੇਸ ਦਾ ਲੰਮੇ ਸਮੇਂ ਤੋਂ ਲੋੜਿੰਦਾ ਮੁਲਜ਼ਮ ਜਸਪਾਲ ਉਰਫ ਭੱਟੀ ਜ਼ਖਮੀ ਹੋ ਗਿਆ। ਇਸ ਸਬੰਧੀ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਪਾਲ ਉਰਫ ਭੱਟੀ, ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ, ਨੇ ਲਗਭਗ ਇੱਕ ਸਾਲ ਪਹਿਲਾਂ ਕਪੂਰਥਲਾ ਇਲਾਕੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਮਾਮਲੇ ਤੋਂ ਬਾਅਦੋਂ ਹੀ ਉਹ ਪੁਲਿਸ ਨੂੰ ਲਗਾਤਾਰ ਚਕਮਾ ਦੇ ਰਿਹਾ ਸੀ ਅਤੇ ਇੱਕ ਸਾਲ ਤੋਂ ਲੋੜਿੰਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਘੁੰਮ ਰਿਹਾ ਹੈ।
ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਆਪਣੇ ਬਚਾਅ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਜਸਪਾਲ ਉਰਫ ਭੱਟੀ ਦੀ ਲੱਤ ਵਿੱਚ ਗੋਲੀ ਲੱਗ ਗਈ। ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਪੂਰੀ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਚਲਾਏ ਜਾ ਰਹੇ ‘ਆਪ੍ਰੇਸ਼ਨ ਪਰਹਾਰ’ ਦੇ ਤਹਿਤ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇੱਕ ਚਾਈਨਾ ਮੇਡ ਪਿਸਤੋਲ ਵੀ ਇਸ ਮੁਲਜ਼ਮ ਤੋਂ ਬਰਾਮਦ ਹੋਇਆ ਹੈ। ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।
