
ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਹਮੇਸ਼ਾ ਸ਼ਹੀਦਾਂ ਦੇ ਨਾਮ 'ਤੇ ਸਿਆਸੀ ਰੋਟੀਆਂ ਸੇਕੀਆਂ
ਚੰਡੀਗੜ੍ਹ : ਦੇਸ਼ ਲਈ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰ ਅੱਜ ਵੀ ਗ਼ੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਕੇਂਦਰ ਦੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਸ਼ਹੀਦਾਂ ਦੇ ਨਾਮ 'ਤੇ ਸਿਆਸੀ ਰੋਟੀਆਂ ਹੀ ਸੇਕੀਆਂ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕੀਤਾ।
ਮਾਨ ਨੇ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਮੌਜੂਦਾ ਕੇਂਦਰ ਸਰਕਾਰ ਸ਼ਹੀਦਾਂ ਦੇ ਨਾਮ ਨੂੰ ਸਿਆਸੀ ਲਾਭ ਲੈਣ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 70 ਸਾਲ ਤੋਂ ਵੱਧ ਬੀਤਣ ਤੋਂ ਬਾਅਦ ਵੀ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਨੂੰ ਸਰਕਾਰੀ ਦਸਤਾਵੇਜ਼ਾਂ ਵਿਚ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸਹੀਦੇ ਦਿਹਾੜੇ 'ਤੇ 23 ਮਾਰਚ ਨੂੰ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਕਾਂਗਰਸੀ, ਅਕਾਲੀ-ਭਾਜਪਾ ਆਗੂ ਸ਼ਹੀਦਾਂ ਨੂੰ ਉਨ੍ਹਾਂ ਦਾ ਬਣਦਾ ਸਤਿਕਾਰ ਦਿਵਾਉਣ ਵਿਚ ਨਾਕਾਮ ਸਾਬਤ ਹੋਏ ਹਨ।
Chandigarh International Airport
ਮਾਨ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਕੋਈ ਵੀ ਯੋਗਦਾਨ ਨਾ ਪਾਉਣ ਵਾਲੇ ਸੰਘ ਆਗੂਆਂ ਅਤੇ ਗਾਂਧੀ ਪਰਿਵਾਰ ਦੇ ਨਾਮ 'ਤੇ ਦੇਸ਼ ਦੇ ਵੱਖ-ਵੱਖ ਸਥਾਨਾਂ ਦੇ ਨਾਮ ਰੱਖਣ ਵਾਲੇ ਆਗੂ ਸ਼ਹੀਦ ਭਗਤ ਸਿੰਘ ਨੂੰ ਕੋਈ ਵੀ ਸਨਮਾਨ ਦੇਣ ਵਿਚ ਫ਼ੇਲ ਸਾਬਤ ਹੋਏ ਹਨ। ਮਾਨ ਨੇ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਦੇਸ਼ ਦੀ ਆਜ਼ਾਦੀ ਵਿਚ ਬਹੁਮੁੱਲਾ ਯੋਗਦਾਨ ਪਾਉਣ ਵਾਲੇ ਦੇਸ਼ ਦੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇ।