
ਆਮ ਆਦਮੀ ਪਾਰਟੀ ਸੰਸਥਾਪਤ ਅਰਵਿੰਦ ਕੇਜਰੀਵਾਲ ਨੇ ਵਜਾਇਆ ਪੰਜਾਬ ਚੋਣਾਂ ਦਾ ਬਿਗੁਲ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਸਿਆਸੀ ਧਿਰਾਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਸੱਤਾਧਾਰੀ ਧਿਰ ਨੂੰ ਜਿੱਥੇ ਆਪਣੇ ਕੀਤੇ ਕੰਮਾਂ ਅਤੇ ਕਿਸਾਨੀ ਸੰਘਰਸ਼ ਵਿਚ ਕੀਤੀ ਮੱਦਦ ਦੀ ਬਦੌਲਤ ਕੁੱਝ ਚੰਗਾ ਹੋਣ ਦੀ ਉਮੀਦ ਹੈ, ਉਥੇ ਹੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਬਾਅਦ ਅਕਾਲੀ ਦਲ ਵੀ ਆਪਣੇ ਪੁਰਾਣੇ ਰੌਅ ਵਿਚ ਵਿਖਾਈ ਦੇ ਰਿਹਾ ਹੈ। ਦੂਜੇ ਪਾਸੇ ਪਿਛਲੀਆਂ ਚੋਣਾਂ ਦੌਰਾਨ ਸੱਤਾ ਦੇ ਨੇੜਿਉਂ ਮੁੜੀ ਆਮ ਆਦਮੀ ਪਾਰਟੀ ਨੂੰ ਵੀ ਪਿਛਲੀਆਂ ਚੋਣਾਂ ਦੌਰਾਨ ਪਏ ਘਾਟੇ ਦੀ ਭਰਪਾਈ ਦੀ ਉਮੀਦ ਹੈ। ਪਾਰਟੀ ਵੱਲੋਂ ਦਿੱਲੀ ਵਿਚ ਕੀਤੇ ਲੋਕ ਭਲਾਈ ਦੇ ਕੰਮਾਂ ਅਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੱਦਦ ਲਈ ਕੀਤੇ ਉਪਰਾਲੇ ਸਦਕਾ ਪੰਜਾਬ ਵਿਚ ਚੰਗੀ ਕਾਰਗੁਜਾਰੀ ਦੀ ਆਸ ਹੈ।
arvind kejriwal
ਇਸ ਨੂੰ ਵੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਅੰਦਰ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਦੀ ਸ਼ੁਰੂਆਤ ਉਨ੍ਹਾਂ ਨੇ ਐਤਵਾਰ ਨੂੰ ਕੀਤੀ ਗਈ ਕਿਸਾਨ ਮਹਾਂ ਪੰਚਾਇਤ ਤੋਂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਇਸ ਰੈਲੀ ਨੂੰ 2022 ਦੀਆਂ ਅਸੰਬਲੀ ਚੋਣਾਂ ਦੇ ਵਿਗੁਲ ਵਜੋਂ ਵੇਖਿਆ ਜਾ ਰਿਹਾ ਹੈ। ਕਿਸਾਨ ਮਹਾਂ ਪੰਚਾਇਤ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦਿਆਂ ਕਈ ਲੁਭਾਣੇ ਵਾਅਦੇ ਕੀਤੇ ਹਨ।
Kejriwal
ਕੇਜਰੀਵਾਲ ਨੇ ਪੰਜਾਬੀਆਂ ਲਈ ਵਾਅਦਿਆਂ ਦੀ ਝੜੀ ਲਾਉਂਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦੇ ਲੋਕਾਂ ਨੂੰ ਦਿੱਲੀ ਦੀ ਤਰਜ਼ 'ਤੇ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਮੰਚ ਤੋਂ ਨਵਾਂ ਪੰਜਾਬ ਬਣਾਉਣ ਤੇ ਸੂਬੇ ਨੂੰ ਖੁਸ਼ਹਾਲ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਲੋਕਾਂ ਨਾਲ ਕੀਤੇ ਜਾ ਰਹੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
CM Kejriwal
ਇੰਨਾ ਹੀ ਨਹੀਂ, ਕੇਜਰੀਵਾਲ ਨੇ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖਾਤਰ ਕਟਹਿਰੇ ਵਿਚ ਖੜਾ ਕਰਦਿਆਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਨੌਜਵਾਨਾਂ ਨਾਲ ਨੌਕਰੀ ਦੀ ਵਾਅਦਾ ਕਰਦਿਆਂ ਜਾਬ ਕਾਰਡ ਮੁਹੱਈਆ ਕਰਵਾਏ ਸਨ, ਪਰ ਸਰਕਾਰ ਬਣਨ 'ਤੇ ਨੌਜਵਾਨਾਂ ਦੀ ਸਾਰ ਨਹੀਂ ਲਈ। ਕਾਂਗਰਸ ਵਲੋਂ ਨੌਜਵਾਨਾਂ ਨੂੰ ਦਿਤੇ ਕਾਰਡ ਦੀ ਕਾਪੀ ਮੰਚ ਤੋਂ ਲਹਿਰਾਉਂਦਿਆਂ ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਕਾਰਨ ਸੰਭਾਲ ਕੇ ਰੱਖਣ ਦੀ ਸਲਾਹ ਦਿੱਤੀ।
Arvind Kejriwal
ਉਨ੍ਹਾਂ ਵਾਅਦਾ ਕੀਤਾ ਕਿ ਜਿਹੜੇ ਲੋਕਾਂ ਕੋਲ ਉਕਤ ਕਾਰਡ ਹੋਣਗੇ, ਉਨ੍ਹਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਨੌਕਰੀ ਨਾ ਵੀ ਦਿੱਤੀ ਜਾ ਸਕਦੀ ਤਾਂ ਅਜਿਹੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਜ਼ਰੂਰ ਦਿੱਤਾ ਜਾਵੇਗਾ। ਦਿੱਲੀ ਵਿਚ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿਚ ਆਮ ਲੋਕਾਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇਗੀ।