
ਨਵੇਂ ਖੇਡ ਮੰਤਰੀ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦਾ ਤਹੱਈਆ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣਾ ਅਹੁਦਾ ਸੰਭਾਲਿਆ
ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੀਟਿੰਗ ਕੀਤੀ
ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਉਨ੍ਹਾਂ ਆਪਣੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਸੂਬੇ ਦੇ ਭਵਿੱਖ ਅਤੇ ਨੌਜਵਾਨੀ ਨਾਲ ਜੁੜੇ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਬੁਲੰਦੀਆਂ ਉੱਤੇ ਲਿਜਾਣਾ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਉਹ ਆਪਣਾ ਪੂਰਾ ਜੀਅ ਜਾਨ ਲਾ ਦੇਣਗੇ।
Education Minister Meet Hayer
ਕੈਬਨਿਟ ਮੰਤਰੀ ਮੀਤ ਹੇਅਰ ਦੇ ਅਹੁਦਾ ਸੰਭਾਲ਼ਣ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਬੁੱਧ ਰਾਮ, ਅਮਨ ਅਰੋੜਾ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਲਾਭ ਸਿੰਘ ਉੱਗੋਕੇ, ਗੁਰਦਿੱਤ ਸਿੰਘ ਸੇਖੋਂ, ਕਰਮਬੀਰ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਮੁਹੰਮਦ ਜਮੀਲ ਉਰ ਰਹਿਮਾਨ, ਗੁਰਪ੍ਰੀਤ ਸਿੰਘ ਬਨਾਂਵਾਲੀ, ਜਗਦੀਪ ਕੰਬੋਜ ਗੋਲਡੀ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਰਦੀਪ ਸਿੰਘ ਮੂੰਡੀਆ ਉਚੇਚੇ ਤੌਰ ਉੱਤੇ ਹਾਜ਼ਰ ਹੋਏ ਜਿਨ੍ਹਾਂ ਨਵੇਂ ਬਣੇ ਕੈਬਨਿਟ ਮੰਤਰੀ ਨੂੰ ਵਧਾਈ ਦਿੱਤੀ।
Education Minister Meet Hayer
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਇਨਕਲਾਬੀ ਸੁਧਾਰਾਂ ਨੂੰ ਆਧਾਰ ਬਣਾ ਕੇ ਪੰਜਾਬ ਵਿੱਚ ਚੋਣਾਂ ਲੜੀਆਂ ਗਈਆਂ ਅਤੇ ਦਿੱਲੀ ਵਾਲਾ ਸਿੱਖਿਆ ਮਾਡਲ ਪੰਜਾਬ ਵਿੱਚ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਸਾਡੀ ਪਾਰਟੀ ਨੂੰ ਵੱਡਾ ਫ਼ਤਵਾ ਦੇ ਕੇ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ।ਉਨ੍ਹਾਂ ਕਿਹਾ ਕਿ ਸਿੱਖਿਆ ਬਜਟ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਬਿਹਤਰ ਸਿੱਖਿਆ ਢਾਂਚਾ ਖੜ੍ਹਾ ਕੀਤਾ ਜਾਵੇਗਾ।
Education Minister Meet Hayer
ਨਵੇਂ ਖੇਡ ਮੰਤਰੀ ਮੀਤ ਹੇਅਰ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਦਾ ਵੀ ਤਹੱਈਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਈ ਵੇਲਾ ਸੀ ਜਦੋਂ ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਵੱਲੋਂ ਜਿੱਤੇ ਜਾਂਦੇ ਤਮਗਿਆਂ ਵਿੱਚੋਂ ਅੱਧ ਤੋਂ ਵੱਧ ਤਮਗੇ ਪੰਜਾਬ ਦੇ ਖਿਡਾਰੀਆਂ ਦੇ ਹਿੱਸੇ ਆਉਂਦੇ ਸਨ ਪਰ ਹੌਲੀ-ਹੌਲੀ ਪੰਜਾਬ ਦਾ ਯੋਗਦਾਨ ਘਟਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਸਿਖਰ ਉੱਤੇ ਲਿਜਾਣ ਲਈ ਵਿਆਪਕ ਤੇ ਕਾਰਗਾਰ ਖੇਡ ਨੀਤੀ ਬਣਾਈ ਜਾਵੇਗੀ। ਪੰਜਾਬ ਦੀ ਨੌਜਵਾਨੀ ਵਿੱਚ ਅਥਾਹ ਸਮਰੱਥਾ ਹੈ ਅਤੇ ਸਿਰਫ ਲੋੜ ਹੈ ਕਿ ਇਸ ਨੂੰ ਸਹੀ ਲੀਹ ਉੱਤੇ ਪਾਉਣ ਅਤੇ ਮਾਰਗ ਦਰਸ਼ਨ ਕਰਨ ਦੀ।
Education Minister Meet Hayer
ਇਸ ਉਪਰੰਤ ਕੈਬਨਿਟ ਮੰਤਰੀ ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੁਲਾਕਾਤ ਕਰ ਕੇ ਤਿੰਨੇ ਵਿਭਾਗਾਂ ਦੀ ਜਾਣ-ਪਛਾਣ ਮੀਟਿੰਗ ਕੀਤੀ। ਵਿਭਾਗ ਦੇ ਕੰਮ-ਕਾਜ ਅਤੇ ਰੂਪ-ਰੇਖਾ ਉੱਤੇ ਵਿਚਾਰਾਂ ਕੀਤੀਆਂ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਸਕੱਤਰ ਸਕੂਲ ਸਿੱਖਿਆ ਤੇ ਖੇਡਾਂ ਅਜੋਏ ਸ਼ਰਮਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਅਗਰਵਾਲ, ਡਾਇਰੈਕਟਰ ਖੇਡਾਂ ਪਰਮਿੰਦਰ ਪਾਲ ਸਿੰਘ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਹਾਜ਼ਰ ਸਨ।