
ਚਾਰ ਹਫ਼ਤਿਆਂ ਦੇ ਅੰਦਰ ਰੀਪੋਰਟ ਮੰਗੀ
ਨਵੀਂ ਦਿੱਲੀ,: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਨੇ ਸੰਗਰੂਰ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜ ਵਿਅਕਤੀਆਂ ਦੀ ਕਥਿਤ ਮੌਤ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਘਟਨਾ ’ਤੇ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਦੇ ਅੰਦਰ ਰੀਪੋਰਟ ਮੰਗੀ ਹੈ।
ਉਸ ਦੇ ਇਕ ਬਿਆਨ ’ਚ ਕਿਹਾ ਗਿਆ ਹੈ, ‘‘ਐਨ.ਐਚ.ਆਰ.ਸੀ. ਨੇ ਇਕ ਮੀਡੀਆ ਰੀਪੋਰਟ ਦਾ ਖੁਦ ਨੋਟਿਸ ਲਿਆ ਹੈ ਕਿ 19-20 ਮਾਰਚ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਸੀ। ਦਸਿਆ ਜਾ ਰਿਹਾ ਹੈ ਕਿ ਬਾਕੀ ਪੰਜ ਲੋਕਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।’’
ਉਨ੍ਹਾਂ ਕਿਹਾ ਕਿ ਜੇ ਰੀਪੋਰਟ ਸਹੀ ਹੈ, ਤਾਂ ਇਹ ਮੌਤਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮੁੱਦਾ ਉਠਾਉਂਦੀ ਹੈ। ਕਮਿਸ਼ਨ ਨੇ ਕਿਹਾ, ‘‘ਜ਼ਾਹਰ ਤੌਰ ’ਤੇ ਇਹ ਘਟਨਾ ਨਕਲੀ ਸ਼ਰਾਬ ਦੀ ਵਿਕਰੀ ਅਤੇ ਖਪਤ ਨੂੰ ਰੋਕਣ ਵਿਚ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੀ ਲਾਪਰਵਾਹੀ ਨੂੰ ਦਰਸਾਉਂਦੀ ਹੈ। ਅਜਿਹੀ ਸਥਿਤੀ ’ਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਚਾਰ ਹਫ਼ਤਿਆਂ ਦੇ ਅੰਦਰ ਇਸ ਮਾਮਲੇ ’ਚ ਵਿਸਥਾਰਤ ਰੀਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।’’
ਰੀਪੋਰਟ ’ਚ ਪੁਲਿਸ ਵਲੋਂ ਦਰਜ ਐਫ.ਆਈ.ਆਰ. ਦੀ ਸਥਿਤੀ, ਬਿਮਾਰ ਵਿਅਕਤੀਆਂ ਦੇ ਇਲਾਜ, ਪੀੜਤ ਪਰਵਾਰਾਂ ਨੂੰ ਦਿਤੇ ਗਏ ਮੁਆਵਜ਼ੇ (ਜੇ ਕੋਈ ਹੋਵੇ) ਦਾ ਜ਼ਿਕਰ ਹੋਣਾ ਚਾਹੀਦਾ ਹੈ। ਕਮਿਸ਼ਨ ਇਹ ਵੀ ਜਾਣਨਾ ਚਾਹੇਗਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਕੀ ਕਾਰਵਾਈ ਕੀਤੀ ਗਈ ਹੈ। ਰੀਪੋਰਟਾਂ ਮੁਤਾਬਕ 18 ਮਾਰਚ 2024 ਨੂੰ ਇਨ੍ਹਾਂ ਲੋਕਾਂ ਨੇ ਜ਼ਹਿਰੀਲੀ ਸ਼ਰਾਬ ਪੀ ਲਈ ਸੀ ਅਤੇ ਜਦੋਂ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ ਤਾਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।