
ਕਿਹਾ - ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਨੂੰ ਤਬਾਹੀ ਵਲ ਧੱਕਿਆ
ਜਲੰਧਰ : ਪ੍ਰਮਾਣੂ ਹਥਿਆਰਾਂ ਬਾਰੇ ਮੋਦੀ ਦੇ ਬਿਆਨ ਨੂੰ ਪੂਰੀ ਤਰ੍ਹਾਂ ਗ਼ੈਰ-ਜ਼ਿੰਮੇਵਾਰਾਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਭਵਿੱਖ ਦੀ ਰਾਖੀ ਲਈ ਕਾਂਗਰਸ ਪਾਰਟੀ ਦੀ 'ਜੰਗ' ਵਿਚ ਉਸ ਦਾ ਸਮਰਥਨ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਨੂੰ ਤਬਾਹੀ ਵਲ ਧੱਕਿਆ ਹੈ।
Narendra Modi
ਸੂਬੇ ਵਿਚ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਜਲੰਧਰ ਤੋਂ ਪ੍ਰਕ੍ਰਿਆ ਸ਼ੁਰੂ ਕਰਨ ਮੌਕੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਮਾਣੂ ਜੰਗ ਸਬੰਧੀ ਪ੍ਰਧਾਨ ਮੰਤਰੀ ਦੀ ਧਮਕੀ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਹੈ ਜੋ ਮੁੜ ਜਿੱਤ ਹਾਸਲ ਕਰਨ ਦੀ ਮਨਸ਼ਾ ਨਾਲ ਦਿਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੌਜੂਦ ਸਨ।
Captain Amrinder Singh
ਮੁੱਖ ਮੰਤਰੀ ਨਾਲ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਵੀ ਹਾਜ਼ਰ ਸਨ। ਇਸ ਮੌਕੇ ਪਾਰਟੀ ਦੇ ਸੀਨੀਅਰ ਨੇਤਾਵਾਂ ਵਿੱਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਜੀਤ ਸਿੰਘ, ਅਵਤਾਰ ਹੈਨਰੀ, ਸੁਸ਼ੀਲ ਕੁਮਾਰ ਰਿੰਕੂ, ਪਰਗਟ ਸਿੰਘ, ਰਾਜਿੰਦਰ ਬੇਰੀ, ਹਰਦੇਵ ਲਾਡੀ ਅਤੇ ਚੌਧਰੀ ਸੁਰਿੰਦਰ ਸਿੰਘ ਵੀ ਹਾਜ਼ਰ ਸਨ।