
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕਰਨ- ਆਪ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਅਤੇ ਹੋਰਨਾਂ ਰਾਜਾਂ ਤੋਂ ਕਣਕ ਦੀ ਤਸਕਰੀ ਰੋਕਣ ਵਿੱਚ ਅਸਫ਼ਲ ਹੋਏ ਸੂਬੇ ਦੇ ਸਿਵਲ ਸਪਲਾਈ ਤੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਇਹ ਮੰਗ ਕਰਦਿਆਂ ਆਪ ਦੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਆਪਣੀਆਂ ਵਿਭਾਗ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫ਼ਲ ਹੋਏ ਹਨ, ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਅਸਫ਼ਲ ਸਿੱਧ ਹੋਏ ਵਿਅਕਤੀ ਨੂੰ ਮੰਤਰੀ ਦੇ ਅਹੁਤੋਂ ਬਰਖ਼ਾਸਤ ਕੀਤਾ ਜਾਵੇ।
Kultar Singh Sandhwan
ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਦੁਨੀਆਂ ਜਾਣਦੀ ਹੈ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਛੇ ਮਹੀਨਿਆਂ ਬਾਅਦ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨ ਆਪਣੀਆਂ ਫ਼ਸਲਾਂ ਵੇਚਣ ਲਈ ਆਉਂਦੇ ਹਨ। ਮੰਡੀਆਂ ਵਿੱਚ ਆਈ ਫ਼ਸਲ ਦੀ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਖ਼ਰੀਦ ਤੇ ਅਦਾਇਗੀ ਦਾ ਪ੍ਰਬੰਧ ਕਰਨਾ ਪੰਜਾਬ ਦੇ ਸਿਵਲ ਸਪਲਾਈ ਤੇ ਖ਼ੁਰਾਕ ਵਿਭਾਗ ਦੀ ਜ਼ਿੰਮੇਵਾਰੀ ਹੈ।
Bharat Bhushan Ashu
ਵਿਧਾਇਕ ਸੰਧਵਾਂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਅਜੇ ਕਰੀਬ 50 ਫੀਸ਼ਦੀ ਫ਼ਸਲ ਹੀ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚ ਕਰੀਬ 60 ਫ਼ੀਸਦੀ ਫ਼ਸਲ ਮੰਡੀਆਂ ਵਿੱਚ ਹੀ ਪਈ ਹੈ, ਕਿਉਂਕਿ ਇੱਕ ਤਾਂ ਮੰਡੀਆਂ ਵਿੱਚ ਕਣਕ ਦੀ ਭਰਾਈ ਲਈ ਬਾਰਦਾਨਾ ਹੀ ਨਹੀਂ ਪਹੁੰਚ ਰਿਹਾ, ਦੂਜਾ ਜਿਹੜੀ ਕਣਕ ਖ਼ਰੀਦੀ ਗਈ ਉਸ ਦੀ ਚੁਕਾਈ ਨਹੀਂ ਹੋ ਰਹੀ ਹੈ। ਜਿਸ ਕਾਰਨ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ ਅਤੇ ਕਣਕ ਦੀ ਆਮਦ ਤੇ ਤੁਲਾਈ ਦਾ ਕੰਮ ਬੰਦ ਹੋ ਕੇ ਰਹਿ ਗਿਆ ਹੈ।
Capt Amrinder Singh
ਉਹਨਾਂ ਦੋਸ਼ ਲਾਇਆ ਕਿ ਬਾਰਦਾਨੇ ਦੀ ਘਾਟ ਵੀ ਕਾਂਗਰਸੀਆਂ ਫੈਕਟਰੀਆਂ ਤੋਂ ਥੈਲੇ ਖ਼ਰੀਦਣ ਦਾ ਹੀ ਨਾਟਕ ਪ੍ਰਤੀਤ ਹੋ ਰਿਹਾ ਹੈ। ਮੌਸਮ ਦੀ ਬੇਦਰਦੀ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਹੋਰ ਵਾਧਾ ਕਰ ਦਿੱਤਾ ਹੈ। ਸੂਬੇ ਵਿੱਚ ਕਈ ਥਾਂਈ ਮੀਂਹ ਪੈਣ ਕਾਰਨ ਮੰਡੀਆਂ ਵਿੱਚ ਪਾਣੀ ਖੜ ਗਿਆ ਅਤੇ ਕਿਸਾਨਾਂ ਦੀ ਕਣਕ ਪਾਣੀ ਨਾਲ ਖ਼ਰਾਬ ਹੋ ਗਈ। ਉਹਨਾਂ ਕਿਹਾ ਕਿ ਸੂਬੇ ਦੇ ਮੰਤਰੀ ਦੀ ਜ਼ਿੰਮੇਵਾਰੀ ਸੀ ਕਿ ਉਹ ਕਣਕ ਦੀ ਆਮਦ ਤੋਂ ਪਹਿਲਾਂ ਮੰਡੀਆਂ ਵਿੱਚ ਲੋੜੀਂਦਾ ਬਾਰਦਾਨਾ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕਰਦੇ, ਜੋ ਉਹਨਾਂ ਨਹੀਂ ਕੀਤਾ।
Wheat in mandi
ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਹੋਰਨਾਂ ਸੂਬਿਆਂ ਤੋਂ ਕਣਕ ਦੀ ਪੰਜਾਬ ਵੱਲ ਤਸਕਰੀ ਲਗਾਤਾਰ ਜਾਰੀ ਹੈ ਕਿਉਂਕਿ ਇਸ ਤਸਕਰੀ ਦੇ ਗੋਰਖ ਧੰਦੇ ਵਿੱਚ ਕਾਂਗਰਸ ਪਾਰਟੀ ਦੇ ਆਗੂ ਸ਼ਾਮਲ ਹਨ। ਪੰਜਾਬ ਸਰਕਾਰ ਦੇ ਕੀਤੇ ਹੁਕਮਾਂ ਦੇ ਬਾਵਜੂਦ ਹਰ ਰੋਜ ਕਣਕ ਭਰੇ ਟਰੱਕ ਪੰਜਾਬ ਵੱਲ ਆ ਰਹੇ ਹਨ, ਜਿਸ ਨਾਲ ਕਣਕ ਦੇ ਸਮੱਗਲਰ ਆਪਣੀਆਂ ਜੇਬਾਂ ਭਰ ਰਹੇ ਹਨ ਅਤੇ ਪੰਜਾਬ ਦੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ।
Kultar Singh Sandhwan
ਉਹਨਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਪ੍ਰੇਸ਼ਾਨੀਆਂ ਝੱਲ ਰਹੇ ਕਿਸਾਨ ਜਿਥੇ ਇੱਕ ਪਾਸੇ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਜੰਗ ਲੜ ਰਹੇ ਹਨ, ਉਥੇ ਉਹ ਪੰਜਾਬ ਸਰਕਾਰ ਵਿਰੁੱਧ ਵੀ ਸੜਕਾਂ 'ਤੇ ਧਰਨੇ ਲਾਉਣ ਲਈ ਮਜਬੂਰ ਹੋਏ ਹਨ। ਅੱਜ ਆਲਮ ਇਹ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਨੂੰ ਸੜਕਾਂ 'ਤੇ ਰੁਲ਼ਣ ਲਈ ਮਜਬੂਰ ਕਰ ਰਹੀਆਂ ਹਨ। ਸੰਧਵਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਰੁਲ਼ਣ ਲਈ ਮਜਬੂਰ ਕਰਨ ਵਾਲੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕੀਤਾ ਜਾਵੇ।