
ਕੋਰੋਨਾ ਦਾ ਅਸਰ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ’ਤੇ ਵੀ ਪਿਆ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਵਿਸ਼ਵ ਮਹਾਂਮਾਰੀ ਕੋਵਿਡ-19 ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ਾਲ ਸਮਾਗਮਾਂ ਨੂੰ ਸੰਕੋਚ ਕੇ ਕਰਨ ਦਾ ਫ਼ੈਸਲਾ ਕੀਤਾ ਹੈ।
corona virus
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸੰਗਤ ਦੇ ਸਹਿਯੋਗ ਨਾਲ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਸ਼ਾਨੋ-ਸ਼ੋਕਤ ਦੇ ਨਾਲ ਮਨਾਏ ਜਾਣੇ ਸਨ, ਪ੍ਰੰਤੂ ਕੋਰੋਨਾ ਦੀ ਲਹਿਰ ਦੀ ਮੁੜ ਤੇਜ਼ ਹੋਣ ਕਾਰਨ ਇਹ ਸਮਾਗਮ ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਚ ਹੀ ਕੀਤੇ ਜਾਣਗੇ।
Bibi Jagir Kaur
ਸਰਕਾਰ ਦੇ ਅਧਿਕਾਰੀਆਂ ਨਾਲ ਕੀਤੀ ਗਈ ਗੱਲਬਾਤ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਸੰਗਤਾਂ ਵਿਚ ਸ਼ਤਾਬਦੀ ਸਮਾਗਮਾਂ ਪ੍ਰਤੀ ਭਾਰੀ ਉਤਸ਼ਾਹ ਸੀ। ਸ਼ਤਾਬਦੀ ਸਮੇਂ ਵੀ ਇਸੇ ਤਰ੍ਹਾਂ ਹੀ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਕਰਵਾਇਆ ਜਾਵੇਗਾ, ਤਾਂ ਜੋ ਦੇਸ਼ ਦੁਨੀਆਂ ਦੀ ਸੰਗਤ ਇਤਿਹਾਸਕ ਦਿਹਾੜੇ ਨਾਲ ਜੁੜ ਸਕੇ। ਸ਼ਤਾਬਦੀ ਸਮਾਗਮਾਂ ਦੌਰਾਨ 29 ਅਪ੍ਰੈਲ ਤੋਂ 1 ਮਈ ਤਕ ਦੇ ਸਮਾਗਮਾਂ ਲਈ ਚੈਨਲਾਂ ਨੂੰ ਲਾਈਵ ਪ੍ਰਸਾਰਣ ਲਈ ਲਿੰਕ ਦਿਤਾ ਜਾਵੇਗਾ ਅਤੇ ਜਿਹੜਾ ਚੈਨਲ ਪ੍ਰਸਾਰਣ ਕਰਨਾ ਚਾਹੇ ਉਹ ਕਰ ਸਕੇਗਾ।
Bibi jagir kaur
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਨੂੰ ਵਧੀਆ ਇਲਾਜ ਦਿਤਾ ਜਾ ਰਿਹਾ ਹੈ, ਪ੍ਰੰਤੂ ਹੁਣ ਹਾਲਾਤ ਦੀ ਨਾਜ਼ੁਕਤਾ ਨੂੰ ਵੇਖਦਿਆਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਚਾਟੀਵਿੰਡ ਗੇਟ ਨੂੰ ਪੂਰੀ ਤਰ੍ਹਾਂ ਕੋਰੋਨਾ ਮਰੀਜ਼ਾਂ ਲਈ ਸਮਰਪਿਤ ਕਰ ਦਿਤਾ ਗਿਆ ਹੈ। ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਨਾਲ ਹੀ ਕੋਰੋਨਾ ਟੀਕਾਕਰਨ ਦੀ ਸਹੂਲਤ ਵੀ ਮੁਫ਼ਤ ਦਿਤੀ ਜਾ ਰਹੀ ਹੈ।
SGPC
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਮਰੀਜ਼ਾਂ ਦੇ ਇਲਾਜ ਵਿਚ ਆਕਸੀਜਨ ਦੀ ਵੱਡੀ ਸਮੱਸਿਆ ਆ ਰਹੀ ਹੈ, ਜਿਸ ਲਈ ਸਰਕਾਰ ਨੂੰ ਪੁਖ਼ਤਾ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਗੱਲ ਵੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵਲੋਂ ਵੈਕਸੀਨ ਲਈ ਅਗਾਊਂ ਪੈਸੇ ਜਮ੍ਹਾਂ ਕਰਵਾਏ ਗਏ ਹਨ ਅਤੇ ਸਰਕਾਰ ਨੂੰ ਅਪੀਲ ਹੈ ਕਿ ਵੈਕਸੀਨ ਦੀ ਸਪਲਾਈ ਯਕੀਨੀ ਬਣਾਈ ਜਾਵੇ।