
ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਹ ਪਹੁੰਚੇ ਭਾਜਪਾ ਆਗੂ ਨੂੰ ਕਿਸਾਨਾਂ ਨੇ ਘੇਰਾ ਪਾ ਕੇ ਸਵਾਲ-ਜਵਾਬ ਕੀਤੇ।
Punjab News: ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਇਕ ਵਾਰ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਚੋਣ ਪ੍ਰਚਾਰ ਲਈ ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਹ ਪਹੁੰਚੇ ਭਾਜਪਾ ਆਗੂ ਨੂੰ ਕਿਸਾਨਾਂ ਨੇ ਘੇਰਾ ਪਾ ਕੇ ਸਵਾਲ-ਜਵਾਬ ਕੀਤੇ।
ਇਸ ਦੌਰਾਨ ਕਿਸਾਨਾਂ ਵਿਚ ਪਹੁੰਚੇ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਹੰਸ ਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪਿੰਡਾਂ ਵਿਚ ਜਾਣ ਦਿਤਾ ਜਾਵੇ, ਉਹ ਹਲਕੇ ਦੇ ਸਾਰੇ ਪਿੰਡਾਂ ਵਿਚ ਜਾਣਾ ਚਾਹੁੰਦੇ ਹਨ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਅਤੇ ਸਿੱਖਾਂ ਪੱਖੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ। ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿਚ ਭਾਜਪਾ ਉਮੀਦਵਾਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਨੇ ਗੋਲੀ ਚਲਾਉਣ ਦਾ ਹੁਕਮ ਦਿਤਾ ਉਹ ਗੁਨਾਹਗਾਰ ਹੈ। ਇਸ ਘਟਨਾ ਨਾਲ ਦਿਲ ਬਹੁਤ ਦੁਖੀ ਹੋਇਆ।
ਹੰਸ ਰਾਜ ਹੰਸ ਨੇ ਕਿਹਾ ਕਿ ਉਹ ਸਿਰਫ਼ ਉਨ੍ਹਾਂ ਸਵਾਲਾਂ ਦੇ ਜਵਾਬ ਦੇ ਸਕਦੇ ਹਨ, ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਕਿਸਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁਧ ਅਪਣਾ ਗੁੱਸਾ ਜ਼ਾਹਰ ਕਰਨ ਲਈ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਹੰਸ ਰਾਜ ਹੰਸ ਦਾ ਪਹਿਲਾਂ ਵੀ ਦੋ ਵਾਰ ਫਰੀਦਕੋਟ ਅਤੇ ਮੋਗਾ ਵਿਚ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਚੁੱਕਾ ਹੈ।
(For more Punjabi news apart from Farmers Protest against BJP candidate Hans Raj Hans, stay tuned to Rozana Spokesman)