
ਸਿੱਧੂ ਨੇ ਬੇਲੋੜੀ ਅਤੇ ਬਿਨਾਂ ਮੌਕਾ ਵੇਖੇ ਬਿਆਨਬਾਜ਼ੀ ਕਰ ਕੇ ਪਾਰਟੀ ਨੂੰ ਨੁਕਸਾਨ ਪਹੁੰਚਿਆ : ਲਾਲ ਸਿੰਘ
ਚੰਡੀਗੜ੍ਹ : ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਨਾਰਾਜ਼ਗੀ ਦੀਆਂ ਖ਼ਬਰਾਂ ਕਈ ਵਾਰ ਸਾਹਮਣੇ ਆਈਆਂ ਹਨ ਪਰ ਇਸ ਵਾਰ ਮਾਮਲਾ ਹੱਦਾਂ ਪਾਰ ਕਰ ਗਿਆ ਹੈ ਅਤੇ ਖੁੱਲੇ ਮੰਚ ਤੋਂ ਇਕ-ਦੂਜੇ ਵਿਰੁੱਧ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਵੋਟਾਂ ਤੋਂ ਪਹਿਲਾਂ ਕੈਪਟਨ ਨੇ ਸੂਬੇ ਦੇ ਸਾਰੇ ਮੰਤਰੀਆਂ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਉਹ ਆਪਣੇ-ਆਪਣੇ ਹਲਕੇ 'ਚ ਆਪਣੀ ਜਿੱਤ ਨੂੰ ਯਕੀਨੀ ਬਣਾਉਣ। ਸੀਟ ਹਾਰਨ ਦੀ ਸੂਰਤ 'ਚ ਕੁਰਸੀਆਂ ਖੁੱਸਣ ਤਕ ਦੀ ਚਿਤਾਵਨੀ ਦਿੱਤੀ ਗਈ ਹੈ ਪਰ ਅਜਿਹੇ ਆਗੂਆਂ ਨੇ ਆਪਣੀ ਕੁਰਸੀ ਬਚਾਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।
Captain Amarinder Singh-Navjot Singh Sidhu
ਲੋਕ ਸਭਾ ਚੋਣਾਂ ’ਚ ਅਸਫ਼ਲਤਾ ਹੱਥ ਲੱਗਣ ਦੀ ਸੂਰਤ ’ਚ ਇਸ ਦਾ ਠੀਕਰਾ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹਣ ਦੀ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਨੇ ਤਿਆਰੀ ਕਰ ਲਈ ਹੈ। ਕੈਪਟਨ ਤੋਂ ਇਲਾਵਾ ਚਾਰ ਕੈਬਨਿਟ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿੱਧੂ ਦੀ ਬਿਆਨਬਾਜ਼ੀ ਨੇ ਕਾਂਗਰਸ ਦੇ ਅਕਸ ਨੂੰ ਧੁੰਦਲਾ ਕੀਤਾ ਹੈ ਅਤੇ ਚੋਣਾਂ ਵਿਚ ਨੁਕਸਾਨ ਪਹੁੰਚਾਇਆ ਹੈ। ਪੰਜਾਬ ਕਾਂਗਰਸ ਦੀ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਸਿੱਧੂ ਨੇ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਬੇਲੋੜੀ ਅਤੇ ਬਿਨਾਂ ਮੌਕਾ ਵੇਖੇ ਬਿਆਨਬਾਜ਼ੀ ਕੀਤੀ ਜਿਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਿਆ ਹੈ। ਇਸ ਬਿਆਨਬਾਜ਼ੀ ਤੋਂ ਬਚਿਆ ਜਾ ਸਕਦਾ ਸੀ।
Lal Singh
ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਹੋਇਆਂ ਨੂੰ 27-28 ਮਹੀਨੇ ਹੋ ਗਏ ਹਨ ਅਤੇ ਉਹ ਅਜੇ ਕਾਂਗਰਸ ਪਾਰਟੀ ਦੇ ਸਭਿਆਚਾਰ ਵਿਚ ਢਲ ਨਹੀਂ ਸਕੇ। ਇਸੇ ਕਰਕੇ ਅਜਿਹੀ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ‘ਦੋਸਤਾਨਾ ਮੈਚ’ ਨਹੀਂ ਹੈ ਅਤੇ ਕਾਂਗਰਸ ਬੇਅਦਬੀ ਦੇ ਮਾਮਲਿਆਂ ਬਾਰੇ ਪੂਰੀ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ। ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਵੀ ਗਈ ਹੈ।
Navjot Singh Sidhu
ਉਨ੍ਹਾਂ ਕਿਹਾ ਕਿ ਜਿਹੜੇ ਵੀ ਜ਼ਿੰਮੇਵਾਰ ਜਾਂਚ ਵਿਚ ਸਾਹਮਣੇ ਆ ਜਾਣਗੇ, ਉਨ੍ਹਾਂ ਵਿਰੁੱਧ ਵੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਿਆਨਬਾਜ਼ੀ ਤੋਂ ਬਾਅਦ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਜੇਕਰ ਕੋਈ ਸੀਟ ਵਿਰੋਧੀ ਪਾਰਟੀਆਂ ਨੂੰ ਜਾਵੇਗੀ ਤਾਂ ਉਸ ਦੇ ਜ਼ਿੰਮੇਵਾਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹੋਣਗੇ।