
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।
Bhai Gobind Singh Longowal
ਉਨ੍ਹਾਂ ਕਿਹਾ ਕਿ ਗੁਰਦੁਆਰੇ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਸਿਰਫ਼ ਅਣਗਹਿਲੀ ਦਾ ਹਿੱਸਾ ਹੈ ਅਤੇ ਜੇਕਰ ਪ੍ਰਬੰਧਕਾਂ ਵੱਲੋਂ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ।
SGPC
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਪੂਰਥਲਾ ਦੇ ਪਿੰਡ ਹਮੀਰਾ ਦੇ ਗੁਰਦੁਆਰਾ ਸਾਹਿਬ ’ਚ ਕੁਝ ਲੋਕਾਂ ਵੱਲੋਂ ਕੀਤੀ ਗਈ ਹੁਲੜਬਾਜ਼ੀ ਦਾ ਵੀ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਦੀ ਮਰਯਾਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਤੇ ਬੈਠੇ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਵਾਲੇ ਲੋਕਾਂ ਨੂੰ ਵੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।