
'ਆਪ' ਲੀਡਰਸ਼ਿਪ ਦੀ ਤਰਫ਼ੋਂ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਹਿੰਗੀਆਂ ਬਿਜਲੀ ਦਰਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪੱਤਰ ਮੁਤਾਬਿਕ ਪਾਰਟੀ ਦੇ ਵਿਧਾਨਕਾਰ ਗਰੁੱਪ ਦੀ ਮਾਰਫ਼ਤ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਲਿਖਿਆ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕਾਂਗਰਸ ਪਾਰਟੀ ਨੇ ਕੀਤੇ ਸਨ,
AAP
ਉਨ੍ਹਾਂ 'ਚ ਘਰੇਲੂ ਵਪਾਰਕ ਅਤੇ ਉਦਯੋਗਿਕ ਖੇਤਰ ਸਮੇਤ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਵਾਜਬ ਦਰਾਂ ਉੱਤੇ ਸਸਤੀ ਬਿਜਲੀ ਦੇਣ ਦਾ ਵੀ ਇੱਕ ਅਹਿਮ ਵਾਅਦਾ ਸੀ। ਇਹ ਵਾਅਦਾ ਯਾਦ ਕਰਾਉਂਦੇ ਹੋਏ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਅੱਜ ਦੂਸਰਿਆਂ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਅੱਜ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ। ਜਿਸ ਦਾ ਮੁੱਖ ਕਾਰਣ ਪਿਛਲੀ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਹਨ।
ਜਿੰਨਾ ਬਾਰੇ ਚੋਣਾਂ ਮੌਕੇ ਤੁਸੀਂ (ਕੈਪਟਨ) ਅਤੇ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਇਹ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰ ਦਿੱਤੇ ਜਾਣਗੇ ਅਤੇ ਨਵੇਂ ਸਿਰਿਓਂ ਸਸਤੇ ਅਤੇ ਵਾਜਬ ਦਰਾਂ 'ਤੇ ਬਿਜਲੀ ਖਰੀਦੀ ਜਾਵੇਗੀ, ਪਰੰਤੂ ਕੈਪਟਨ ਸਰਕਾਰ ਅਜਿਹਾ ਕਰਨ ਤੋਂ ਅਸਫਲ ਰਹੀ ਹੈ, ਨਤੀਜੇ ਵਜੋਂ ਅਗਲੇ 25 ਸਾਲਾਂ 'ਚ ਪੰਜਾਬ ਇਨ੍ਹਾਂ ਨਿੱਜੀ ਥਰਮਲ ਪਲਾਂਟਾਂ ਕੰਪਨੀਆਂ ਨੂੰ 70 ਹਜ਼ਾਰ ਕਰੋੜ ਰੁਪਏ ਦਾ ਬਿਨਾ ਵਜ੍ਹਾ ਭੁਗਤਾਨ ਕਰੇਗਾ, ਜੋ ਸੂਬੇ ਅਤੇ ਸੂਬੇ ਦੇ ਲੋਕਾਂ ਦੀ ਅੰਨ੍ਹੀ ਲੁੱਟ ਹੈ।
Aman Arora
ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਸਮੇਤ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ 'ਚ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਸੀ, ਪਰੰਤੂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਅਤੇ ਸਾਰੇ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਕੋਈ ਠੋਸ ਕਦਮ ਨਹੀਂ ਉਠਾਇਆ।
'ਆਪ' ਵਿਧਾਇਕ ਨੇ ਪਾਰਟੀ ਦੇ ਤਰਫ਼ੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮੁੱਦੇ 'ਤੇ ਵਿਚਾਰ-ਚਰਚਾ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਦਿਆਂ ਕਿਹਾ ਕਿ ਇਸ ਮਸਲੇ ਨਾਲ ਪੰਜਾਬ ਦੇ ਲੱਖਾਂ ਲੋਕਾਂ ਦੀਆਂ ਜੇਬਾਂ ਅਤੇ ਭਾਵਨਾਵਾਂ ਜੁੜੀਆਂ ਹੋਈਆਂ ਹਨ,
ਇਸ ਲਈ ਸੂਬੇ ਅਤੇ ਬਿਜਲੀ ਖਪਤਕਾਰਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਤੁਰੰਤ ਕਦਮ ਉਠਾਉਣੇ ਜ਼ਰੂਰੀ ਹਨ। ਇਨ੍ਹਾਂ ਲੋੜੀਂਦੇ ਜ਼ਰੂਰੀ ਕਦਮਾਂ ਬਾਰੇ ਆਮ ਆਦਮੀ ਪਾਰਟੀ ਵੀ ਆਪਣੇ ਸੁਝਾਅ ਮੁਲਾਕਾਤ ਦੌਰਾਨ ਦੇਵੇਗੀ।