
27 ਸਤੰਬਰ ਨੂੰ ਮੁੜ ਬੁਲਾਇਆ ਸੈਸ਼ਨ
ਚੰਡੀਗੜ੍ਹ - ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਜੰਗ ਸ਼ੁਰੂ ਹੋ ਗਈ ਹੈ। ਰਾਜਪਾਲ ਨੇ ਕੱਲ੍ਹ ਅਚਾਨਕ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰੱਦ ਕਰ ਦਿੱਤਾ ਜਿਸ ਨੂੰ ਲੈ ਕੇ ਆਪ ਸਰਕਾਰ ਧਰਨਾ ਪ੍ਰਦਰਸ਼ਨ ਕਰ ਰਹੀ ਹੈ। ਪਹਿਲਾਂ ਸੀਐੱਮ ਭਗਵੰਤ ਮਾਨ ਨੇ 'ਆਪ' ਵਿਧਾਇਕਾਂ ਨਾਲ ਮੀਟਿੰਗ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਤੋਂ ਲੈ ਕੇ ਗਵਰਨਰ ਹਾਊਸ ਤੱਕ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਹੁਣ 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸੈਸ਼ਨ ਵਿਚ ਬਿਜਲੀ, ਪਰਾਲੀ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਮੁੜ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਸ ਵਿਰੁੱਧ ਸੁਪਰੀਮ ਕੋਰਟ ਵਿਚ ਜਾਵਾਂਗੇ, ਤਾਂ ਜੋ ਲੋਕਾਂ ਅਤੇ ਸੂਬਿਆਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਪਾਰਟੀ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਦੇ ਹੱਕ ਵਿਚ ਖੜ੍ਹੀ ਹੈ। ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਅਤੇ ਭਾਜਪਾ ਵੀ ਸੈਸ਼ਨ ਰੱਦ ਹੋਣ ਦਾ ਸਵਾਗਤ ਕਰ ਰਹੇ ਹਨ। ਕਾਂਗਰਸ ਨੂੰ ਇਸ ਕਾਰਵਾਈ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ ਪਰ ਫਿਰ ਵੀ ਇਸ ਤਰ੍ਹਾਂ ਦਾ ਸਵਾਗਤ ਕਰਨਾ ਸਾਬਤ ਕਰਦਾ ਹੈ ਕਿ ਇਹ ਦੋਵੇਂ ਰਲੇ ਹੋਏ ਹਨ। ਉਨ੍ਹਾਂ ਦੀ ਕੋਸ਼ਿਸ਼ ਖੇਤਰੀ ਪਾਰਟੀਆਂ ਨੂੰ ਖ਼ਤਮ ਕਰਨ ਦੀ ਹੈ। ਇਸ ਤੋਂ ਬਾਅਦ ਸਿਰਫ਼ ਕਾਂਗਰਸ ਅਤੇ ਭਾਜਪਾ ਹੀ ਰਾਜ ਕਰਦੀ ਰਹੇਗੀ।
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ ਤੋਂ ਨਾਰਾਜ਼ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਕੰਪਲੈਕਸ ਤੋਂ ਚੰਡੀਗੜ੍ਹ ਦੇ ਮੁੱਖ ਚੌਕ ਤੱਕ ਪੈਦਲ ਮਾਰਚ ਕੱਢਿਆ। ਜਿਸ ਵਿਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਹ ਭਾਜਪਾ ਮੁਰਦਾਬਾਦ, ਕਾਂਗਰਸ ਮੁਰਦਾਬਾਦ, ਪੈਸਾ ਤੰਤਰਬੰਦ ਕਰੋ ਆਦਿ ਦੇ ਨਾਅਰੇ ਲਗਾਉਂਦੇ ਰਹੇ। ਵਿਧਾਇਕ ਮੀਤ ਹੇਅਰ ਸਮੇਤ 'ਆਪ' ਦੇ ਹੋਰ ਸਮਰਥਕਾਂ ਨੇ ਭਾਜਪਾ 'ਤੇ ਲੋਕਤੰਤਰ ਦਾ ਕਤਲ ਕਰਨ ਦਾ ਦੋਸ਼ ਲਾਇਆ। ਉਧਰ ਚੰਡੀਗੜ੍ਹ ਪੁਲਿਸ ਵੱਲੋਂ ਵਿਧਾਨ ਸਭਾ ਦੇ ਮੁੱਖ ਚੌਕ ’ਤੇ ਬੈਰੀਕੇਡ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਉਥੇ ਹੀ ਰੋਕ ਲਿਆ ਗਿਆ।