
ਮੰਗਾਂ ਨਾ ਮੰਨਣ ’ਤੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ
ਸੁਨਾਮ- ਪੰਜਾਬ ਸਰਕਾਰ ਖ਼ਿਲਾਫ਼ ਹੱਕੀ ਮੰਗਾਂ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ 'ਚ ਰੇਲਵੇ ਸਟੇਸ਼ਨ ਸੁਨਾਮ 'ਤੇ ਰੇਲਾਂ ਦਾ ਚੱਕਾ ਜਾਮ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਰੇਲ ਪਟੜੀਆਂ 'ਤੇ ਬੈਠੇ ਸੈਂਕੜੇ ਕਿਸਾਨ ਅਤੇ ਬੀਬੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ,ਦਰਬਾਰਾ ਸਿੰਘ ਛਾਜਲਾ,ਸੁਖਪਾਲ ਸਿੰਘ ਮਾਣਕ ਆਦਿ ਨੇ ਕਿਹਾ ਕਿ ਪਰਾਲੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਕਿਸਾਨ ਵਿਰੋਧੀ ਰੁੱਖ ਅਖ਼ਤਿਆਰ ਕਰ ਰਹੀ ਹੈ।
ਲੁਧਿਆਣਾ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਲਾ ਰਾਏਪੁਰ ਦੇ ਰੇਲਵੇ ਸਟੇਸ਼ਨ 'ਤੇ ਤਿੰਨ ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਇੱਥੇ ਭਾਰੀ ਗਿਣਤੀ 'ਚ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਵੀ ਪੂਰੀਆਂ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਤਿੰਨ ਘੰਟੇ ਲਈ ਸੰਕੇਤਕ ਰੇਲਾਂ ਰੋਕੀਆਂ ਗਈਆਂ ਹਨ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਬਠਿੰਡਾ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਵਜੋਂ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਬਠਿੰਡਾ ਵਿਚ ਸੈਂਕੜੇ ਕਿਸਾਨਾਂ ਨੇ ਮੌੜ ਮੰਡੀ ਅਤੇ ਭੁੱਚੋ ਮੰਡੀ ਵਿੱਚ ਰੇਲਵੇ ਟਰੈਕ ’ਤੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਇਹ ਧਰਨਾ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਭਰ ਵਿਚ 12 ਤੋਂ 3 ਵਜੇ ਤੱਕ ਧਰਨਾ ਦਿੱਤਾ ਜਾ ਰਿਹਾ ਹੈ ਪਰ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਅਤੇ ਭੁੱਚੋ ਵਿੱਚ ਧਰਨਾ ਜਾਰੀ ਰਹੇਗਾ ਕਿਉਂਕਿ ਕਿਸਾਨਾਂ ਖ਼ਿਲਾਫ਼ ਮਾਈਨਿੰਗ ਦੇ ਝੂਠੇ ਕੇਸ ਦਰਜ ਕੀਤੇ ਗਏ ਹਨ।
ਮੋਗਾ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਜੀਵਤਾਲ ਰੇਲਵੇ ਸਟੇਸ਼ਨ ’ਤੇ ਧਰਨਾ ਲਗਾ ਕੇ 12 ਤੋਂ ਸ਼ਾਮ 3 ਵਜੋਂ ਤੱਕ ਰੇਲਾਂ ਰੋਕ ਕੇ ਚੱਕਾ ਜਾਮ ਕੀਤਾ ਗਿਆ ਅਤੇ ਆਪਣੀਆ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਰਤੀ ਦੇ ਲੋਕਾਂ ਦੇ ਮਸਲਿਆਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ, ਲੋਕਾਂ ’ਤੇ ਡਾਗਾਂ ਵਰਾਂ ਰਹੀ ਹੈ, ਜਿਸ ਕਰ ਕੇ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਿਆ ਹੈ ਤੇ ਬੇਭਰੋਸਗੀ ਜਾਹਰ ਕਰਨ ਲਈ ਅਸੀਂ ਅੱਜ ਇਥੇ ਇਕੱਤਰ ਹੋਏ।
ਸਾਡੀ ਮੰਗ ਹੈ ਕਿ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਪਿਛਲੇ ਸਾਲ ਤੇ ਐਤਕੀ ਕਈ ਜ਼ਿਲ੍ਹਿਆਂ ਵਿਚ ਤਬਾਹ ਹੋਏ ਨਰਮੇ ਦਾ ਤਹਿ ਕੀਤਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ, ਖੇਤ ਮਜ਼ਦੂਰਾਂ ਵਿਚ ਤੁਰੰਤ ਵੰਡਿਆ ਜਾਵੇ, ਇਸ ਸਾਲ ਭਾਰੀ ਮੀਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਤੇ ਨੁਕਸਾਨੇ ਮਕਾਨਾਂ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ , ਐਤਕੀ ਵਾਇਰਲ ਰੋਗਾਂ ਨਾਲ ਸੌ ਫੀਸਦੀ ਤੱਕ ਬਰਬਾਦ ਹੋਈ ਮੂੰਗੀ ਤੇ ਝੋਨੇ ਦੀ ਫ਼ਸਲ ਦੇ ਮੁਆਵਜ਼ੇ ਸਬੰਧੀ ਵਿਸ਼ੇਸ਼ ਗਰਦੋਰੀ ਕਰਵਾ ਕੇ ਔਸਤ ਝਾੜ ਦੇ ਬਰਾਬਰ ਮੁਆਵਜ਼ਾ ਦਿੱਤਾ ਜਾਵੇ।
ਕਿਸਾਨਾਂ ਦਾ ਆਪਣੀ ਜ਼ਮੀਨ ਵਿੱਚੋਂ ਮਿੱਟੀ ਦੇ ਟਿੱਬੇ ਹਟਵਾ ਕੇ ਪੱਧਰ ਕਰਨ ਤੇ ਇਸ ਨੂੰ ਸਿੰਚਾਈ ਯੋਗ ਬਣਾਉਣ ਦਾ ਜੱਦੀ ਪੁਸ਼ਤੀ ਹੱਕ ਬਿਨ੍ਹਾਂ ਸ਼ਰਤ ਬਹਾਲ ਕੀਤਾ ਜਾਵੇ ਤੇ ਮੌੜ ਥਾਣੇ ਵਿਚ ਕਈ ਕਿਸਾਨਾਂ ਤੇ ਕਿਸਾਨ ਆਗੂਆਂ ਉੱਤੇ ਕੀਤੇ ਮਾਈਨਿੰਗ ਦੇ ਝੂਠੇ ਮੁਕੱਦਮੇ ਵਾਪਿਸ ਲਏ ਜਾਣ, ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ ਬਣੀ ਹੋਈ ਸ਼ਰਾਬ ਫੈਕਟਰੀ ਤੁਰੰਤ ਬੰਦ ਕੀਤੀ ਜਾਵੇ , ਬਿਨ੍ਹਾਂ ਜਲਾਏ ਪਰਾਲੀ ਸਾਂਭਣ ਲਈ 200/- ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਿਕ ਦਿੱਤਾ ਜਾਵੇ, ਬਿਜਲੀ ਵੰਡ ਖੇਤਰ ਦੇ ਨਿੱਜੀਕਰਨ ਬਾਰੇ ਕੇਂਦਰੀ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ । ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ ।