
“ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤ ਰਾਹਤ ਫੰਡ ਵਿੱਚੋਂ ਖਰਚ ਦਾ ਹਿਸਾਬ ਨਾਲੋ-ਨਾਲ ਵੈਬਸਾਈਟ ’ਤੇ ਜਾਰੀ ਕੀਤਾ ਜਾਵੇਗਾ”
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਗਏ ਕਾਰਜਾਂ ਵਿਚ ਸਿੱਖ ਸੰਗਤਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਮੁਲਾਜ਼ਮਾਂ ਸਮੇਤ ਪੀੜਤਾਂ ਤੇ ਰਾਹਤ ਫੰਡ ਲਈ 6 ਕਰੋੜ 9 ਲੱਖ ਦੇ ਕਰੀਬ ਮਾਇਆ ਇਕੱਤਰ ਹੋਈ ਹੈ, ਜਿਸ ਵਿਚੋਂ ਕਰੀਬ ਸਵਾ ਕਰੋੜ ਰੁਪਏ ਹੁਣ ਤੱਕ ਲਈ ਖਰਚੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਕੋਰੀਡੋਰ ਵਾਲੇ ਵਨ ਦੀ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਵਲੋਂ ਹੁਣ ਤੱਕ 11 ਹਜ਼ਾਰ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਦੀਆਂ ਦੇ ਆ ਰਹੇ ਮੌਸਮ ਨੂੰ ਮੁੱਖ ਰੱਖਦਿਆਂ ਹੜ੍ਹ ਪੀੜਤਾਂ ਤੇ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਧੀਆ ਕੰਬਲ ਅਤੇ ਗੱਦੇ ਵੀ ਮੁਹਈਆ ਕਰਵਾਏ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਵਿਚ ਬੱਚਿਆਂ ਨੂੰ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਫ਼ੀਸਾਂ ਵੀ ਮੁਆਫ਼ ਕੀਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਠੇਕੇ ’ਤੇ ਵਾਹੁਣ ਵਾਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ਨੂੰ ਮੁਆਫ਼ ਕਰਨ ਬਾਰੇ ਆਉਂਦੇ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਚਰਚਾ ਕਰਕੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਰਾਹਤ ਫੰਡ ਦਾ ਹਿਸਾਬ ਨਾਲੋ-ਨਾਲ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਸੰਗਤਾਂ ਨੂੰ ਦੱਸਿਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ 350 ਸਾਲਾਂ ਸ਼ਤਾਬਦੀ ਦੇ ਸਬੰਧ ਵਿਚ 18 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਵਿਚ ਕੌਮਾਂਤਰੀ ਪੱਧਰ ਦਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ।