
Chandigarh News : ਗ੍ਰਹਿ ਮੰਤਰੀ ਪਾਸੋਂ ਸੂਬੇ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਦਖ਼ਲ ਦੇਣ ਦੀ ਮੰਗ
Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਆਵਾਜਾਈ ਦੀ ਲਾਗਤ ਦੀ ਸਮੱਸਿਆ, ਭੰਡਾਰਨ ਦੀ ਕਮੀ, ਹਾਈਬ੍ਰਿਡ ਕਿਸਮ ਦੀ ਗੁਣਵੱਤਾ ਅਤੇ ਸ਼ੈਲਰ ਮਾਲਕਾਂ ਦੇ ਘਾਟੇ ਵਰਗੇ ਮਸਲਿਆਂ ਨਾਲ ਖਰੀਦ ਕਾਰਜਾਂ ਉਤੇ ਬੁਰਾ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਮਸਲਿਆਂ ਦਾ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਦੇਸ਼ ਵਿੱਚ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਅਨਾਜ ਪੈਦਾ ਕਰਦੇ ਹਨ ਤਾਂ ਆੜ੍ਹਤੀਏ ਅਤੇ ਮਿੱਲ ਮਾਲਕ ਇਹ ਯਕੀਨੀ ਬਣਾਉਂਦੇ ਹਨ ਕਿ ਉਨ੍ਹਾਂ ਦੀ ਖਰੀਦ, ਭੰਡਾਰਨ ਅਤੇ ਲਿਫਟਿੰਗ ਸਹੀ ਢੰਗ ਨਾਲ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਸੂਬੇ ਵਿੱਚ 185 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨਾਜ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਮਿੱਲਰਾਂ ਦੇ ਕੁਝ ਮੁੱਦੇ ਜਿਵੇਂ ਕਿ ਝੋਨੇ ਨੂੰ ਭੰਡਾਰ ਕਰਨ ਲਈ ਜਗ੍ਹਾ, ਡਰਾਈਏਜ ਅਤੇ ਟਰਾਂਸਪੋਰਟੇਸ਼ਨ ਕੇਂਦਰ ਸਰਕਾਰ ਨਾਲ ਸਬੰਧਤ ਹਨ ਜਿਸ ਕਾਰਨ ਲਿਫਟਿੰਗ ਦੀ ਪ੍ਰਕਿਰਿਆ ਥੋੜ੍ਹੀ ਹੌਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਸਰਕਾਰ ਕੋਲ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 23 ਅਕਤੂਬਰ (ਬੁੱਧਵਾਰ) ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਮਿੱਲ ਮਾਲਕਾਂ ਦੀ ਮੀਟਿੰਗ ਹੋਣੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮੰਡੀਕਰਨ ਸੀਜ਼ਨ ਦੌਰਾਨ ਮਿਲਿੰਗ ਦੇਰੀ ਨਾਲ ਹੋਣ ਕਰਕੇ 120 ਲੱਖ ਮੀਟ੍ਰਿਕ ਟਨ ਸਟੋਰੇਜ ਸਪੇਸ ਅਜੇ ਤੱਕ ਖਾਲੀ ਨਹੀਂ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਨੂੰ ਇਹ ਜਗ੍ਹਾ ਖਾਲੀ ਕਰਨ ਲਈ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਇਸ ਵਾਰ ਮਿਲਿੰਗ ਸ਼ੁਰੂ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਅਤੇ ਜਨਤਕ ਵੰਡ ਪ੍ਰਣਾਲੀ ਦੀ ਸੁਚਾਰੂ ਵਿਵਸਥਾ ਲਈ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਵਢਾਈ ਤੋਂ ਬਾਅਦ ਅੱਗੇ ਕਣਕ ਦਾ ਸੀਜ਼ਨ ਵੀ ਆ ਰਿਹਾ ਹੈ, ਇਸ ਲਈ ਦੇਸ਼ ਦੇ ਵਡੇਰੇ ਹਿੱਤ ਵਿੱਚ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਇਕ ਹੋਰ ਮੁੱਦੇ ‘ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦਾ ਬਕਾਇਆ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਲੋੜੀਂਦੀਆਂ ਰਸਮਾਂ ਵੀ ਪੂਰੀਆਂ ਕਰ ਚੁੱਕੀ ਹੈ ਅਤੇ ਹੁਣ ਕੇਂਦਰ ਨੂੰ ਇਹ ਪੈਸਾ ਜਾਰੀ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਿਖਾਰੀ ਨਹੀਂ ਹਨ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਕੇਂਦਰ ਨੂੰ ਫੰਡਾਂ ਵਿੱਚ ਉਨ੍ਹਾਂ ਦਾ ਬਣਦਾ ਹਿੱਸਾ ਦੇਣਾ ਚਾਹੀਦਾ ਹੈ।”
(For more news apart from The Chief Minister raised the issue of paddy procurement with Union Home Minister Amit Shah News in Punjabi, stay tuned to Rozana Spokesman)