
ਰਾਜਨੀਤਕ ਬਿਨਾਂ ਪਾਰਟੀ ਦੇ ਝੰਡੇ ਤੋਂ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣਗੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ
ਚੰਡੀਗੜ੍ਹ, : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਕਿਸਾਨਾਂ ਤੇ ਥੋਪੇ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੂਬੇ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਜਾ ਕੇ ਮੁਜ਼ਾਹਰਾ ਕਰਨ ਸੰਬੰਧੀ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਬਿਨਾਂ ਪਾਰਟੀ ਦਾ ਝੰਡਾ ਲਈ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।
Narendra Modi
ਪਾਰਟੀ ਦੇ ਹੈੱਡਕੁਆਰਟਰ ਚੰਡੀਗੜ੍ਹ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਮਾਨ ਨੇ ਕਿਹਾ ਕਿ ਕਿਸਾਨ ਪੰਜਾਬ ਲਈ ਰੀੜ ਦੀ ਹੱਡੀ ਹਨ, ਜਿਨ੍ਹਾਂ ਦੇ ਸਹਾਰੇ ਸੂਬੇ ਦੇ ਹਰ ਚੀਜ਼ ਖੜ੍ਹੀ ਹੈ ਅਤੇ ਪੰਜਾਬ ਦੇ ਕਿਸਾਨਾਂ ਤੋਂ ਬਿਨਾਂ ਪੰਜਾਬ ਨੂੰ ਅੱਗੇ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋ ਕੇ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉਠਕੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੋਵੇਗੀ।
Bhagwant Mann
ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਜਦੋਂ ਸਾਡੇ ਕਿਸਾਨ, ਮਾਵਾਂ ਭੈਣਾਂ ਆਪਣੀ ਜ਼ਮੀਨ ਬਚਾਉਣ ਲਈ ਠੰਡੀਆਂ ਰਾਤਾਂ ਖੁੱਲ੍ਹੇ ਅਸਮਾਨ ਹੇਠ ਸੜਕਾਂ ਉਤੇ ਕੱਟ ਰਹੇ ਹਨ ਤਾਂ ਅਸੀਂ ਚੈਨ ਨਾਲ ਨਹੀਂ ਬੈਠ ਸਕਦੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਇਕ ਹੈ ਕਿ ਦਿਨ-ਰਾਤ ਮਿਹਨਤ ਕਰਕੇ ਦੂਜਿਆਂ ਦਾ ਪੇਟ ਭਰਨ ਵਾਲੇ ਕਿਸਾਨ ਦੀ ਨਾ ਤਾਂ ਕੇਂਦਰ ਦੀ ਗੂੰਗੀ ਬੋਲੀ ਮੋਦੀ ਸਰਕਾਰ ਅਤੇ ਨਾ ਹੀ ਰਾਜਵਾੜਿਆਂ ਦੀ ਤਰ੍ਹਾਂ ਕੁਰਸੀ ਦਾ ਆਨੰਦ ਮਾਣ ਰਹੇ ਕੈਪਟਨ ਅਮਰਿੰਦਰ ਸਿੰਘ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਹਿਲਾਂ ਤੋਂ ਹੀ ਸੰਘਰਸ਼ ਦੇ ਮੈਦਾਨ ਵਿਚ ਹੈ ਅਤੇ ਉਦੋਂ ਤੱਕ ਅਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸਾਡਾ ਅੰਨਦਾਤੇ ਦੀ ਗੱਲ ਨਹੀਂ ਸੁਣੀ ਜਾਂਦੀ।
Bhagwant Mann
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਰਾਜਨੀਤਕ ਵਖਰੇਵਿਆਂ ਨੂੰ ਪਾਸੇ ਛੱਡਦੇ ਹੋਏ ਕਿਸਾਨਾਂ ਦੀਆ ਜਾਇਜ਼ ਮੰਗਾਂ ਨੂੰ ਆਪਣਾ ਸਮਰਥਨ ਦੇਣ ਦੀ ਨੀਅਤ ਨਾਲ ਸੰਘਰਸ਼ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 26 ਤੇ 27 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ਤੇ ਕੀਤੇ ਜਾਣ ਵਾਲੇ ਘਿਰਾਓ ਵਿਚ ਪਿੰਡ ਪਿੰਡ, ਗਲੀ, ਮੁਹੱਲੇ ਵਿਚੋਂ ਕਿਸਾਨਾਂ ਦੇ ਕਾਫਲਿਆਂ ਵਿਚ ਸ਼ਾਮਲ ਹੋਣਗੇ। ਉਨ੍ਹਾਂ ਵਰਕਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਸਾਡੇ ਲਈ ਸਾਡੇ ਕਿਸਾਨ ਸਭ ਤੋਂ ਪਹਿਲਾਂ ਹਨ ਅਤੇ ਰਾਜਨੀਤੀ ਬਾਅਦ ਵਿਚ, ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਵਾਸੀ ਹੋਣ ਦੇ ਨਾਂ ਉਤੇ ਬਿਨਾਂ ਕਿਸੇ ਆਪਣੇ ਹਿੱਤ ਤੋਂ ਵੱਧ ਚੜ੍ਹਕੇ ਇਸ ਅੰਦੋਲਨ ਵਿਚ ਸ਼ਾਮਲ ਹੋਣ ਤਾਂ ਜੋ ਲੋਕ ਵਿਰੋਧੀ ਸਰਕਾਰਾਂ ਨੂੰ ਲੋਕ ਸੰਘਰਸ਼ ਅੱਗੇ ਝੁਕਾਇਆ ਜਾ ਸਕੇ।