ਕਿਹਾ, ਦਰਜ ਚਾਰ ਮੁਲਾਜ਼ਮਾਂ ਨੂੰ 10 ਦਿਨਾਂ 'ਚ ਕੀਤਾ ਜਾਵੇਗਾ ਪੱਕਾ
ਕਿਹਾ, ਦਰਜ ਚਾਰ ਮੁਲਾਜ਼ਮਾਂ ਨੂੰ 10 ਦਿਨਾਂ 'ਚ ਕੀਤਾ ਜਾਵੇਗਾ ਪੱਕਾ
ਕੇਬਲ ਮਾਫ਼ੀਆ ਜੜ੍ਹ ਤੋਂ ਕੀਤਾ ਜਾਵੇਗਾ ਖ਼ਤਮ
ਲੁਧਿਆਣਾ : ਪੰਜਾਬ ਕਾਂਗਰਸ ਵਲੋਂ ਅੱਜ ਲੁਧਿਆਣਾ 'ਚ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਦਰਜਾ ਚਾਰ ਮੁਲਾਜ਼ਮਾਂ ਨੂੰ ਅੱਜ ਲੁਧਿਆਣਾ ਦੇ ਵਿਚ ਪੱਕਾ ਕਰਨ ਦਾ ਐਲਾਨ ਕਰ ਦਿਤਾ ਹੈ।
ਉਨ੍ਹਾਂ ਕਿਹਾ ਕਿ ਆਉਂਦੇ ਦੱਸ ਦਿਨ ਦੇ ਅੰਦਰ ਨਗਰ ਨਿਗਮ ਦੇ ਵਿਚ ਜਾਂ ਹੋਰ ਮਹਿਕਮਿਆਂ ਅੰਦਰ ਕੰਮ ਕਰਨ ਵਾਲੇ ਦਰਜਾ ਚਾਰ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਮਿਊਂਸਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿਚ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਅਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ।
ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਉਨ੍ਹਾਂ ਨੂੰ ਸਰਕਾਰ ਦੇ ਨਾਲ-ਨਾਲ ਪਾਰਟੀ ਵਿਚ ਬਰਾਬਰ ਦੀ ਨੁਮਾਇੰਦਗੀ ਦਿਤੀ ਜਾਵੇਗੀ।
ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਵਿਵਸਥਾ ਨੂੰ ਵੀ ਖ਼ਤਮ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚੋਂ ਕੇਬਲ ਮਾਫ਼ੀਆ ਹੁਣ ਉਹ ਖ਼ਤਮ ਕਰਨਗੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਬਲ ਦੇ 400 ਰੁਪਏ ਮਹੀਨੇ ਦੇ ਦੇਣ ਦੀ ਥਾਂ ਸਿਰਫ਼ 100 ਰੁਪਏ ਹੀ ਦਿਤੇ ਜਾਣ।
ਇੰਨਾ ਹੀ ਨਹੀਂ ਸਗੋਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 100 ਰੁਪਏ ਤੋਂ ਵੱਧ ਬਿੱਲ ਦੇਣ ਵਾਲਾ ਵੀ ਮੁਜਰਮ ਹੋਵੇਗਾ। ਚੰਨੀ ਨੇ ਕਿਹਾ ਕਿ ਬਾਦਲਾਂ ਦੀਆਂ ਬੱਸਾਂ ਦੇ ਪਰਮਿਟ ਕੈਂਸਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਐਕਸ਼ਨ ਮੋਡ 'ਚ ਨੇ ਅਤੇ ਆਮ ਲੋਕਾਂ ਦੀ ਬਾਂਹ ਫੜੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਟੋ ਚਾਲਕਾਂ ਦਾ ਕਿਸੇ ਵੀ ਪੁਲਿਸ ਮੁਲਾਜ਼ਮ ਵਲੋਂ ਚਲਾਨ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਟੋ ਚਾਲਕਾਂ ਦਾ ਹੁਣ ਤੱਕ ਦਾ ਜ਼ੁਰਮਾਨਾਂ ਮਾਫ਼ ਕੀਤਾ ਜਾਵੇਗਾ ਅਤੇ ਸ਼ਹਿਰ ਵਿਚ ਪੂਰੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਇੱਕ ਪੀਲੀ ਲਕੀਰ ਲਗਾਈ ਜਾਵੇਗੀ ਜਿਸ ਦੇ ਅੰਦਰ ਹੀ ਆਟੋ ਚਲਾਇਆ ਜਾਵੇ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ।