
ਮੁਲਜ਼ਮ ਦੀ ਪਛਾਣ ਤਰਸੇਮ ਕੁਮਾਰ ਉਰਫ਼ ਆਰਪੀ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ।
ਪਟਿਆਲਾ: ਅਪਰਾਧਿਕ ਪ੍ਰਵਿਰਤੀ ਵਾਲੇ ਲੋਕਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਦਿਸ਼ਾ ਵਿਚ ਪਟਿਆਲਾ ਪੁਲਿਸ ਨੇ ਹੁਣ ਇਕ ਵੱਡੇ ਸੱਟੇਬਾਜ਼ੀ ਮਾਫੀਆ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਤਰਸੇਮ ਕੁਮਾਰ ਉਰਫ਼ ਆਰਪੀ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਸੱਟੇਬਾਜ਼ੀ ਦਾ ਇਹ ਮਾਮਲਾ 68 ਲੱਖ ਰੁਪਏ ਦਾ ਦੱਸਿਆ ਜਾ ਰਿਹਾ ਹੈ।
ਸਪੈਸ਼ਲ ਸੈੱਲ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਜੀਐਸ ਸਿਕੰਦ ਅਤੇ ਉਹਨਾਂ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ। ਮਾਮਲੇ ਦੀ ਤਹਿ ਤੱਕ ਜਾਣ ਲਈ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੀਤੀ ਗਈ ਇਸ ਕਾਰਵਾਈ 'ਤੇ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਜੀਐਸ ਸਿਕੰਦ ਨੇ ਕਿਹਾ ਕਿ ਇਹ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਇੰਸਪੈਕਟਰ ਜੀਐਸ ਸਿਕੰਦ ਨੂੰ ਨਾ ਸਿਰਫ਼ ਸਪੈਸ਼ਲ ਸੈੱਲ ਦਾ ਇੰਚਾਰਜ ਲਾਇਆ ਗਿਆ ਹੈ, ਸਗੋਂ ਐਸਐਸਪੀ ਪਟਿਆਲਾ ਵੱਲੋਂ ਉਹਨਾਂ ਨੂੰ ਕੁਝ ਵਿਭਾਗੀ ਵਿਸ਼ੇਸ਼ ਅਧਿਕਾਰ ਵੀ ਦਿੱਤੇ ਗਏ ਹਨ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੌਰਾਨ ਉਹਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।