
3 ਨੂੰ ਕੀਤਾ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ
ਬਰਨਾਲਾ: ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖਤਮ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਗੰਨ ਕਲਚਰ ਨੂੰ ਪ੍ਰਫੁਲਿਤ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਜ਼ਿਲ੍ਹੇ ਦੇ ਕਸਬਾ ਤਪਾ ਦੇ ਪਿੰਡ ਘੁੰਨਸ ਵਿੱਚ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ 4 ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਕੇਸ ਦਰਜ਼ ਕੀਤਾ ਗਿਆ ਹੈ।
ਡੀਐਸਪੀ ਤਪਾ ਰਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸ਼ਾਮਲ ਕੁਝ ਨੌਜਵਾਨਾਂ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਦਿਆਂ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 4 ਨਾਮੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਾਗੋ ਵਿੱਚ ਨੌਜਵਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਦੇ ਮਾਲਕਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ ਅਤੇ ਜੇਕਰ ਕੋਈ ਹਥਿਆਰ ਨਾਜਾਇਜ਼ ਪਾਇਆ ਗਿਆ ਤਾਂ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਂਗਸਟਰਵਾਦ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਲੈਸ ਲੋਕਾਂ ਨੂੰ ਦੇਖ ਕੇ ਨੌਜਵਾਨ ਪੀੜ੍ਹੀ ਹਥਿਆਰਾਂ ਵੱਲ ਆਕਰਸ਼ਿਤ ਹੋ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।