ਦੁਕਾਨ ਦੇ ਸ਼ੀਸ਼ੇ ਟੁੱਟੇ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਬਟਾਲਾ : ਬਟਾਲਾ ਦੇ ਜਲੰਧਰ ਰੋਡ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਗੁੱਡੂ ਦੇ ਮੋਬਾਈਲ ਫੋਨ ਸ਼ੋਅਰੂਮ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਸਿਟੀ ਸੰਜੀਵ ਕੁਮਾਰ, ਐਸ.ਐਚ.ਓ. ਸਿਟੀ ਸੁਖਜਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਤਿਹਗੜ੍ਹ ਚੂੜੀਆਂ ਹਲਕੇ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੌਕੇ 'ਤੇ ਪਹੁੰਚੇ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੀ ਸੇਠ ਟੈਲੀਕਾਮ ਪਹੁੰਚੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕਾਰੋਬਾਰੀ ਗੌਤਮ ਸੇਠ ਗੁੱਡੂ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ 6:30 ਵਜੇ ਦੇ ਕਰੀਬ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੇ ਸ਼ੋਅਰੂਮ 'ਤੇ ਗੋਲੀਆਂ ਚਲਾਈਆਂ । ਗੌਤਮ ਸੇਠ ਗੁੱਡੂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਜਬਰੀ ਵਸੂਲੀ ਬਾਰੇ ਧਮਕੀ ਭਰੇ ਫੋਨ ਆ ਰਹੇ ਹਨ ਅਤੇ ਉਨ੍ਹਾਂ ਨੇ ਐਸ.ਐਸ.ਪੀ ਬਟਾਲਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ । ਡੀ.ਐਸ.ਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਰੋਪੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
