
ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗਾ ਜਿਸ ਦੌਰਾਨ...
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗਾ ਜਿਸ ਦੌਰਾਨ ਸੂਬਾ ਵਾਸੀਆਂ ਨੂੰ ਸੜਕੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਪਤਾਹ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ਼੍ਰੀ ਕੇ ਸਿਵਾ ਪ੍ਰਸਾਦ ਵਲੋਂ ਅੱਜ ਇਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ 30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਉਣ ਲਈ ਹਫ਼ਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ।
30th National Road Safety Week' from 4th to 10th Feb
ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਹੋਈ ਮੀਟਿੰਗ ਵਿਚ ਪ੍ਰਮੁੱਖ ਸਕੱਤਰ ਸ਼੍ਰੀ ਪ੍ਰਸਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਸਪਤਾਹ ਨੂੰ ਮਨਾਉਣ ਦਾ ਮਕਸਦ ਸੂਬਾ ਵਾਸੀਆਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਪਿੱਛੇ ਕਾਰਨ ਅਣਗਹਿਲੀ ਅਤੇ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨਾ ਹੁੰਦਾ ਜਿਸ ਲਈ ਲੋਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ।
ਇਸ ਸਪਤਾਹ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗ ਮਿਲ ਕੇ ਮੁਹਿੰਮ ਚਲਾਉਣ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਸਭ ਤੋਂ ਮਹੱਤਵਪੂਰਨ ਕੰਮ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਕੂਲਾਂ ਤੇ ਕਾਲਜਾਂ ਵਿਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ ਜਿਸ ਵਿਚ ਟ੍ਰੈਫਿਕ ਵਿੰਗ ਵਲੋਂ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।
ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਕਰ ਕੇ ਉਥੇ ਵਧੇਰੇ ਚੌਕਸੀ ਵਰਤੀ ਜਾਵੇ, ਓਵਰ ਲੋਡਿੰਗ, ਓਵਰ ਸਪੀਡਿੰਗ, ਲਾਲ ਬੱਤੀ ਟੱਪਣ, ਸੀਟ ਬੈਲਟ ਜਾਂ ਹੈਲਮਟ ਤੋਂ ਬਿਨਾਂ ਵਾਹਨ ਚਲਾਉਣ ਵਾਲੇ, ਨਸ਼ਾ ਕਰ ਕੇ ਅਤੇ ਮੋਬਾਈਲ ਨਾਲ ਵਾਹਨ ਚਲਾਉਣ ਵਾਲੇ ਚਾਲਕਾਂ ਵਿਰੁਧ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਸਕੂਲਾਂ ਨੇੜੇ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਉਪਰ ਰਿਫਲੈਕਟਰ ਲਗਾਏ ਜਾਣਗੇ, ਖਾਸ ਕਰ ਕੇ ਖੰਡ ਮਿੱਲਾਂ ਦੇ ਬਾਹਰ ਗੰਨਾ ਲਿਆਉਣ ਵਾਲੀਆਂ ਟਰਾਲੀਆਂ ਨੂੰ ਕਵਰ ਕੀਤਾ ਜਾਵੇਗਾ।
ਸ਼੍ਰੀ ਪ੍ਰਸਾਦ ਨੇ ਕਿਹਾ ਕਿ 4 ਫਰਵਰੀ ਨੂੰ ਸੂਬਾ ਪੱਧਰੀ ਸਮਾਰੋਹ ਨਾਲ ਸਪਤਾਹ ਦੀ ਸ਼ੁਰੂਆਤ ਹੋਵੇਗੀ ਅਤੇ ਉਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਾ ਹੈਡ ਕੁਆਟਰਾਂ ਉਪਰ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਸਮਾਪਤੀ ਉਪਰ ਹਰ ਜ਼ਿਲ੍ਹੇ ਵਿਚ ਇਕ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਸੜਕ ਸੁਰੱਖਿਆ ਲਈ ਵਿਸ਼ੇਸ਼ ਕੰਮ ਕਰਨ ਵਾਲਿਆਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਲਈ ਕੰਮ ਕਰਦੀਆਂ ਗੈਰ ਸਰਕਾਰੀ ਸੰਸਥਾਵਾਂ ਵੀ ਇਸ ਸਪਤਾਹ ਦਾ ਹਿੱਸਾ ਹੋਣਗੀਆਂ।
ਉਨ੍ਹਾਂ ਸਬੰਧਤ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਸੌਂਪੇ ਗਏ ਕੰਮ ਸਹੀ ਤਰ੍ਹਾਂ ਨੇਪਰੇ ਚਾੜ੍ਹੇ ਜਾਣ ਤਾਂ ਜੋ ਇਸ ਸਪਤਾਹ ਨੂੰ ਮਨਾਉਣ ਦਾ ਮਕਸਦ ਸਫ਼ਲ ਹੋ ਸਕੇ। ਮੀਟਿੰਗ ਵਿਚ ਸਟੇਟ ਟਰਾਂਸਪੋਰਟ ਕਮਿਸ਼ਨਰ ਸ਼੍ਰੀ ਦਿਲਰਾਜ ਸਿੰਘ, ਸਿਹਤ ਵਿਭਾਗ ਤੋਂ ਵਿਸ਼ੇਸ਼ ਸਕੱਤਰ ਸ਼੍ਰੀ ਪੁਨੀਤ ਗੋਇਲ, ਸਕੂਲ ਸਿੱਖਿਆ ਵਿਭਾਗ ਤੋਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ਼੍ਰੀ ਸੁਖਜੀਤ ਸਿੰਘ, ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਸੁਖਵਿੰਦਰ ਸਿੰਘ,
ਉਚੇਰੀ ਸਿੱਖਿਆ ਵਿਭਾਗ ਤੋਂ ਡਿਪਟੀ ਡਾਇਰੈਕਟਰ ਸ਼੍ਰੀ ਅਸ਼ੋਕ ਲੋਹਗੜੀ, ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਤੋਂ ਡੀ.ਐਸ.ਪੀ. ਸ਼੍ਰੀ ਗੁਰਸ਼ਰਨਜੀਤ ਸਿੰਘ, ਟ੍ਰੈਫਿਕ ਸਲਾਹਕਾਰ ਸ਼੍ਰੀ ਨਵਦੀਪ ਅਸੀਜਾ, ਲੋਕ ਸੰਪਰਕ ਵਿਭਾਗ ਤੋਂ ਪੀ.ਆਰ.ਓ. ਸ਼੍ਰੀ ਨਵਦੀਪ ਸਿੰਘ ਗਿੱਲ ਵੀ ਹਾਜ਼ਰ ਸਨ।