
ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ...
ਚੰਡੀਗੜ੍ਹ : ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅਤੇ ਪੁੱਡਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਤ੍ਰਿਪਤ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਜਸਕਰਨ ਸਿੰਘ ਨਾਲ ਸਵੇਰੇ 9.10 'ਤੇ ਵਿਕਾਸ ਭਵਨ ਪਹੁੰਚੇ ਅਤੇ ਐਂਟਰੀ ਗੇਟ 'ਤੇ ਲੇਟ ਆਉਣ ਵਾਲਿਆਂ ਦੀ ਕਲਾਸ ਲਗਾਈ। ਇਸ ਤੋਂ ਬਾਅਦ ਉਹ 9.20 ਵਜੇ ਵਿਕਾਸ ਭਵਨ ਦੇ ਨਾਲ ਲੱਗਦੀ ਪੁੱਡਾ ਭਵਨ ਪਹੁੰਚੇ
Bajwa conducts surprise checks at PUDA
ਜਿੱਥੇ ਉਨ੍ਹਾਂ ਮੁੱਖ ਪ੍ਰਸ਼ਾਸਕ ਪੁੱਡਾ ਸ਼੍ਰੀਮਤੀ ਗੁਰਨੀਤ ਤੇਜ ਨੂੰ ਨਿਰਦੇਸ਼ ਦਿਤੇ ਕਿ ਉਹ ਗੈਰ ਹਾਜ਼ਰ ਰਹਿਣ ਵਾਲੇ ਅਤੇ ਲੇਟ ਆਉਣ ਵਾਲੇ ਸਾਰੇ ਕਰਮਚਾਰੀਆਂ ਬਾਰੇ ਵਿਸਥਾਰਤ ਰਿਪੋਰਟ ਉਨ੍ਹਾਂ ਨੂੰ ਭੇਜਣ। ਮੰਤਰੀ ਨੇ ਦੋਵਾਂ ਵਿਭਾਗਾਂ ਵਿਖੇ ਅਪਣੀ ਅਚਨਚੇਤ ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਨਵੰਬਰ ਮਹੀਨੇ ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਕੰਮਕਾਜ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅੱਜ ਪਹਿਲੀ ਵਾਰ ਪੁੱਡਾ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਹੈ।
ਅੱਜ ਕੀਤੀ ਗਈ ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਪੇਂਡੂ ਵਿਕਾਸ ਵਿਭਾਗ ਦੇ ਗੈਰ ਹਾਜ਼ਰ ਰਹਿਣ ਵਾਲੇ ਅਤੇ ਲੇਟ ਆਉਣ ਵਾਲੇ ਕਰਮਚਾਰੀਆਂ ਨੂੰ ਬਿਨਾਂ ਕਾਰਵਾਈ ਦੇ ਜਾਣ ਦਿਤਾ ਸੀ, ਪਰ ਡਿਊਟੀ ਤੋਂ ਦੁਬਾਰਾ ਫਿਰ ਗੈਰ ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇ ਕਰਮਚਾਰੀ ਦੁਬਾਰਾ ਗੈਰ ਹਾਜ਼ਰ ਪਾਏ ਗਏ ਤਾਂ ਅਧਿਕਾਰੀ ਜ਼ਿੰਮੇਵਾਰ ਹੋਣਗੇ।
Bajwa conducts surprise checks at PUDA
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਰਵਿਘਨ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿਤੇ। ਮੰਤਰੀ ਨੇ ਇਹ ਵੀ ਕਿਹਾ ਕਿ ਫਾਈਲਾਂ 'ਤੇ ਗੈਰ ਜ਼ਰੂਰੀ ਇਤਰਾਜ਼ ਲਾਉਣ ਅਤੇ ਫਾਈਲਾਂ ਦੇ ਨਬੇੜੇ ਵਿਚ ਦੇਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਭ੍ਰਿਸ਼ਟ ਗਤੀਵਿਧੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਕਿਉਂਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ।