ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਹੋਈ ਦਰਜ
ਅੰਮ੍ਰਿਤਸਰ: ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆ ਹੀ ਜਾ ਰਹੀਆ ਹਨ। ਦਅਰਸਲ, ਉਹਨਾਂ ‘ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਪ੍ਰੋਫ਼ੈਸਰ ਸਰਚਾਂਦ ਅਤੇ ਭਗਵੰਤ ਸਿੰਘ ਸਿਆਲਕਾ ਵੱਲੋਂ ਢੱਡਰੀਆਂ ਵਾਲੇ ਖ਼ਿਲਾਫ਼ ਐੱਸਜੀਪੀਸੀ ‘ਚ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਦੱਸ ਦੇਈਏ ਕਿ ਲੰਮੇਂ ਸਮੇਂ ਤੋਂ ਵਿਵਾਦਾਂ ‘ਚ ਚੱਲ ਰਹੇ ਭਾਈ ਰਣਜੀਤ ਸਿੰਘ ਵੱਲੋਂ ਵੀ ਇਸ ਤੋਂ ਪਹਿਲਾ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮ ਨੂੰ ਮੰਨਣ ਤੋਂ ਇਨਕਾਰ ਦਿੱਤਾ ਗਿਆ ਸੀ।ਹੁਣ ਦੇਖਣਾ ਇਹ ਹੋਵੇਗਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ਼ ਐੱਸਜੀਪੀਸੀ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।
ਪ੍ਰੋਫ਼ੈਸਰ ਸਰਚਾਂਦ ਦਾ ਕਹਿਣਾ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਹੈ ਅਤੇ ਉਹਨਾਂ ਨੇ ਇੰਝ ਕਰ ਕੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ। ਇਸ ਤੇ ਡੂੰਘੀ ਵਿਚਾਰ ਕਰ ਕੇ ਕਾਨੂੰਨੀ ਤੌਰ ਤੇ ਕਾਰਵਾਈ ਕੀਤੀ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਉਹ ਝੂਠਾ ਹੈ ਤਾਂ ਹੀ ਉਸ ਨੇ ਕਿਸੇ ਨਾਲ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ। ਇਕ ਵਿਦਵਾਨ ਬੰਦੇ ਨੂੰ ਭੱਦੀ ਭਾਸ਼ਾ ਨਹੀਂ ਵਰਤਣੀ ਚਾਹੀਦੀ ਤੇ ਮਾਨਤਾ ਪ੍ਰਾਪਤ ਸੰਸਥਾਵਾਂ ਪ੍ਰਤੀ ਵੀ ਸਹੀ ਸ਼ਬਦਾਂ ਦੀ ਵਰਤੋਂ ਕਰਨ।
ਉੱਥੇ ਹੀ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲਾ ਅਜਿਹੀਆਂ ਕਾਰਵਾਈਆਂ ਕਰ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਕਾਬਲੇਗੌਰ ਹੈ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਖ਼ਿਲਾਫ਼ ਦੇਸ਼ ਵਿਦੇਸ਼ ਦੇ ਸਿੱਖ ਪ੍ਰਚਾਰਕਾਂ ਵੱਲੋਂ ਸ੍ਰੀ ਅਕਾਲ ਤਖ਼ਤ ’ਤੇ ਪਹਿਲਾਂ ਹੀ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ।
ਇਸ ਮਾਮਲੇ ਦੇ ਹੱਲ ਲਈ ਅਕਾਲ ਤਖ਼ਤ ਨੇ ਪੰਜ ਮੈਂਬਰੀ ਕਮੇਟੀ ਬਣਾਈ ਹੈ, ਜਿਸ ਨੇ ਪਹਿਲੀ ਮੀਟਿੰਗ ਵਿਚ ਮਾਮਲਾ ਵਿਚਾਰਨ ਮਗਰੋਂ ਸਿੱਖ ਪ੍ਰਚਾਰਕ ਨਾਲ ਮੁਲਾਕਾਤ ਲਈ 22 ਦਸੰਬਰ ਦਾ ਸਮਾਂ ਤੈਅ ਕੀਤਾ ਸੀ। ਇਸ ਸਬੰਧੀ ਸਿੱਖ ਪ੍ਰਚਾਰਕ ਨੂੰ 22 ਦਸੰਬਰ ਨੂੰ ਪਟਿਆਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਵਿਖੇ ਪੰਜ ਮੈਂਬਰੀ ਕਮੇਟੀ ਨਾਲ ਮੁਲਾਕਾਤ ਲਈ ਪੱਤਰ ਵੀ ਭੇਜਿਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਸਿੱਖ ਪ੍ਰਚਾਰਕ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।