
25 ਜਨਵਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋ ਰਹੀ ਪੰਚਾਇਤ 'ਚ SKM ਗੈਰ-ਸਿਆਸੀ ਆਗੂ ਕਰਨਗੇ ਸ਼ਮੂਲੀਅਤ
ਅੱਜ ਕਿਸਾਨਾਂ ਨੇ ਖਨੌਰੀ ਬਾਰਡਰ 'ਤੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਵਿਚ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਕਿਸਾਨੀ ਮੋਰਚਾ 1 ਕਦਮ ਅੱਗੇ ਵਧਿਆ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਜਿਹੜੀਆਂ ਸਰਕਾਰਾਂ ਮੋਰਚੇ ਖਿਲਾਫ਼ ਸਾਜ਼ਿਸ਼ਾਂ ਰਚ ਰਹੀਆਂ ਸਨ ਉਹ ਹੁਣ ਗੱਲਬਾਤ ਲਈ ਤਿਆਰ ਹੋ ਗਈਆਂ ਹਨ।
ਇਹ ਸਭ ਕੁਝ ਗੁਰੂ ਸਾਹਿਬ ਦੀ ਕਿਰਪਾ ਨਾਲ ਹੋ ਰਿਹਾ ਹੈ। ਇਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨਾ ਬਣਦਾ ਹੈ। ਜਗਜੀਤ ਡੱਲੇਵਾਲ ਦੀ ਸਿਹਤਯਾਬੀ ਅਤੇ ਕਿਸਾਨਾਂ ਦੀ ਜਿੱਤ ਦੀ ਕਾਮਨਾ ਕਰਦੇ ਹੋਏ 28 ਜਨਵਰੀ ਨੂੰ ਖਨੌਰੀ ਬਾਰਡਰ ਵਿਖੇ ਸ੍ਰੀ ਅਖੰਡ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਜਾਣਗੇ ਤੇ 30 ਜਨਵਰੀ ਨੂੰ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾਣਗੇ। ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਕਿਸਾਨ ਇਥੇ ਪਹੁੰਚਣ ਤੇ ਕਿਸਾਨਾਂ ਦੇ ਮੋਰਚੇ ਦੀ ਫ਼ਤਹਿ ਲਈ ਅਰਦਾਸ ਕਰਨ।
ਕਿਸਾਨ ਆਗੂਆਂ ਨੇ ਕਿਹਾ ਕਿ 25 ਜਨਵਰੀ ਨੂੰ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋ ਰਹੀ ਪੰਚਾਇਤ 'ਚ ਐਸਕੇਐਮ ਗੈਰ-ਸਿਆਸੀ ਆਗੂ ਸ਼ਮੂਲੀਅਤ ਕਰਨਗੇ । 13 ਫ਼ਰਵਰੀ ਨੂੰ ਮੋਰਚੇ ਦੇ ਇੱਕ ਸਾਲ ਪੂਰਾ ਹੋਣ 'ਤੇ ਖਨੌਰੀ ਬਾਰਡਰ ਵਿਖੇ ਵੱਡਾ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਇਸ ਸਬੰਧੀ ਖਨੌਰੀ ਅਤੇ ਸ਼ੰਭੂ ਸਰਹੱਦੀ ਖੇਤਰਾਂ ਦੇ ਆਗੂਆਂ ਦੀ ਮੀਟਿੰਗ ਤੋਂ ਬਾਅਦ 13 ਫ਼ਰਵਰੀ ਤੋਂ ਪਹਿਲਾਂ 2-3 ਹੋਰ ਵੱਡੇ ਐਕਸ਼ਨ ਪਲਾਨ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ 26 ਜਨਵਰੀ ਨੂੰ ਟਰੈਕਟਰ ਮਾਰਚ ਵਿਚ ਹਿੱਸਾ ਲੈਣ ਲਈ ਕਿਹਾ।