
ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ
Farmers Protest: ਚੰਡੀਗੜ੍ਹ - ਬੀਤੇ ਦਿਨੀਂ ਖਨੌਰੀ ਬਾਰਡਰ 'ਤੇ ਕਿਸਾਨ ਹਿੱਤਾਂ ਲਈ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਮੌਤ 'ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਇਸ ਸਬੰਧੀ ਪੋਸਟ ਪਾ ਕੇ ਕਿਹਾ ਹੈ ਕਿ ਨੌਜਵਾਨ ਸ਼ੁੱਭਕਰਨ ਸਿੰਘ ਦੀ ਮੌਤ ਬੇਹੱਦ ਦੁਖ਼ਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਉਸ ਦੀ ਮੌਤ ਲਈ ਜ਼ਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜ਼ਰੂਰ ਹੋਣੀ ਚਾਹੀਦੀ ਹੈ।
ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸ਼ਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।
ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।''