
ਭਾਈ ਲੌਂਗੋਵਾਲ ਨੇ ਸੰਗਤ ਨੂੰ ਸਰਕਾਰ ਅਤੇ ਸਿਹਤ ਮਹਿਕਮੇ ਦੀਆਂ...
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਵਾ ਕੀਤਾ ਹੈ ਕਿ ਵਿਸ਼ਵ ਪੱਧਰੀ ਮਹਾਂਮਾਰੀ ਐਲਾਨੇ ਜਾ ਚੁਕੇ ਕੋਰੋਨਾ ਵਾਇਰਸ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਵੀ ਮੁਲਤਵੀ ਕੀਤਾ ਜਾ ਸਕਦਾ ਹੈ। ਇਸ ਸਬੰਧ ਵਿਚ ਕਾਨੂੰਨੀ ਮਾਹਰਾਂ ਦੀ ਸਲਾਹ ਲਈ ਜਾ ਰਹੀ ਹੈ ਅਤੇ ਜੇਕਰ ਸੰਭਵ ਹੋਇਆ ਤਾਂ ਸਾਲਾਨਾ ਬਜਟ ਇਜਲਾਸ ਅੱਗੇ ਪਾ ਦਿਤਾ ਜਾਵੇਗਾ।
Bhai Gobind Singh Longowal
ਭਾਈ ਲੌਂਗੋਵਾਲ ਨੇ ਆਖਿਆ ਕਿ ਅੱਜ ਪੂਰਾ ਸੰਸਾਰ ਕੋਰੋਨਾ ਵਾਇਰਸ ਦੀ ਮਾਰ ਹੇਠ ਹੈ ਅਤੇ ਡਬਲਿਯੂ.ਐਚ.ਓ. ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ਵੀ ਇਸ ਨੂੰ ਮਹਾਂਮਾਰੀ ਕਰਾਰ ਦੇ ਦਿਤਾ ਹੈ। ਪੰਜਾਬ ਦੀ ਸੂਬਾ ਸਰਕਾਰ ਵਲੋਂ ਵੀ ਬਚਾਅ ਲਈ ਯਤਨ ਤੇਜ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਇਕ-ਦੂਜੇ ਤੋਂ ਦੂਰ ਰਹਿਣ ਲਈ ਪ੍ਰੇਰਿਆ ਜਾ ਰਿਹਾ ਹੈ, ਲਿਹਾਜ਼ਾ ਸ਼੍ਰੋਮਣੀ ਕਮੇਟੀ ਵੀ ਇਸ ਨੂੰ ਲੈ ਕੇ ਸੁਚੇਤ ਹੈ।
Photo
ਗੁਰਦੁਆਰਾ ਸਾਹਿਬਾਨ ਅੰਦਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੰਗਤਾਂ ਲਈ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਅਤੇ ਜੇਕਰ ਸੰਭਵ ਹੋ ਸਕਿਆ ਤਾਂ ਇਨ੍ਹਾਂ ਹੀ ਦਿਨਾਂ ਅੰਦਰ ਹੋਣ ਵਾਲਾ ਬਜਟ ਇਜਲਾਸ ਵੀ ਅੱਗੇ ਪਾਇਆ ਜਾ ਸਕਦਾ ਹੈ। ਇਸ ਬਾਰੇ ਕਾਨੂੰਨੀ ਮਾਹਰਾਂ ਦੀ ਸਲਾਹ ਲਈ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਸਥਿਤੀ ਸਾਫ਼ ਕਰ ਦਿਤੀ ਜਾਵੇਗੀ।
Bhai Gobind Singh Longowal
ਭਾਈ ਲੌਂਗੋਵਾਲ ਨੇ ਸੰਗਤ ਨੂੰ ਸਰਕਾਰ ਅਤੇ ਸਿਹਤ ਮਹਿਕਮੇ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ। ਗੁਰਦੁਆਰਾ ਸਾਹਿਬ ਦੀ ਮਰਯਾਦਾ ਲਾਜ਼ਮੀ ਬਣੀ ਰਹੇਗੀ ਪ੍ਰੰਤੂ ਸੱਭ ਨੂੰ ਅਪਣੇ ਜੀਵਨ ਲਈ ਸਾਵਧਾਨੀ ਵਰਤਣੀ ਵੀ ਜ਼ਰੂਰੀ ਹੈ। ਭਾਈ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਸਿੰਘ ਵਲੋਂ ਹੱਥਾਂ ਨੂੰ ਦਸਤਾਨੇ ਤੇ ਮੂੰਹ 'ਤੇ ਮਾਸਕ ਪਹਿਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਕੋਰੋਨਾ ਵਾਇਰਸ ਦੇ ਖ਼ਤਰੇ ਨੇ ਸੱਭ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ ਪਰ ਗੁਰੂ ਘਰ ਅੰਦਰ ਸੇਵਾਦਾਰ ਵਲੋਂ ਕੀਤੀ ਗਈ ਮਰਯਾਦਾ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪੂਰੇ ਵਿਸ਼ਵ ਦੇ ਗੁਰੂ ਘਰਾਂ ਵਿਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਿੱਖ ਰਵਾਇਤਾਂ, ਪ੍ਰੰਪਰਾਵਾਂ ਤੇ ਸਿਧਾਤਾਂ ਦੀ ਰੋਸ਼ਨੀ ਵਿਚ ਸੇਵਾ ਨਿਭਾਉਣ ਨੂੰ ਯਕੀਨੀ ਬਣਾਈ ਰੱਖਣ ਦੀ ਅਪੀਲ ਕੀਤੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।