
ਚੰਦੂਮਾਜਰਾ, ਢੀਂਡਸਾ, ਛੋਟੇਪੁਰ ਸਮੇਤ ਕਈ ਲੀਡਰਾਂ ਨੇ ਦਮਦਮੀ ਟਕਸਾਲ ਮੁਖੀ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ: ਕੌਮੀ ਮਾਰਗ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਬਾਬੇ ਸ਼ਹੀਦਾਂ ਸਮਸਤਪੁਰ ਵਿਖੇ ਕਈ ਸੀਨੀਅਰ ਆਗੂਆਂ ਦੀ ਮੀਟਿੰਗ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸਤਵਿੰਦਰ ਸਿੰਘ ਟੌਹੜਾ ਅਤੇ ਹੋਰ ਬਹੁਤ ਸਾਰੇ ਆਗੂਆ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਜਿਸ ਦੇ ਬਾਅਦ ਵਿੱਚ ਮੀਟਿੰਗ ਦੀ ਕਾਰਵਾਈ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਮਾਣਯੋਗ ਅਦਾਲਤ ਨੇ ਗੁਰਦਵਾਰਿਆਂ ਦੀ ਸਾਂਭ ਸੰਭਾਲ ਕਰਨ ਲਈ ਐਸ ਜੀ ਪੀ ਸੀ ਅੰਮ੍ਰਿਤਸਰ ਦੀ ਕਾਰਜਕਾਰਨੀ ਨੂੰ ਆਰਜ਼ੀ ਮਾਨਤਾ ਦਿੱਤੀ ਪਰ ਇਸ ਕਰਾਜਕਰਨੀ ਵਲੋਂ ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਕਥਿਤ ਜ਼ਲੀਲ ਕਰਕੇ ਸੇਵਾ ਮੁਕਤ ਅਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਚੋਰੀ ਛਿਪੇ ਕਰਨ ਵਾਲੀ ਪ੍ਰਕਿਰਿਆ ਨੇ ਸਿੱਖ ਪੰਥ ਦੀਆਂ ਪਰੰਪਰਾਵਾਂ ਅਤੇ ਮਰਿਆਦਾ ਦਾ ਘਾਣ ਕੀਤਾ ਹੈ।ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਹਨਾਂ ਦੱਸਿਆ ਕਿ ਦਮਦਮੀ ਟਕਸਾਲ ਵਲੋਂ ਤਿੰਨਾਂ ਤਖਤਾਂ ਦੇ ਜੱਥੇਦਾਰਾਂ, ਜਿਹਨਾਂ ਨੂੰ ਐਸ ਜੀ ਪੀ ਸੀ ਦੀ ਕਾਰਜਕਾਰਨੀ ਨੇ ਸੇਵਾ ਮੁਕਤ ਕੀਤਾ ਸੀ, ਉਹਨਾਂ ਨੂੰ ਬਹਾਲ ਕਰਨ ਦੀ ਮੰਗ ਨੂੰ ਲੈਕੇ 28 ਮਾਰਚ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਸਥਿਤ ਤੇਜ਼ਾ ਵਿੱਚ ਸਮੁੰਦਰੀ ਹਾਲ ਨਜ਼ਦੀਕ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤਾਂ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਨੂੰ ਜਾਗਰਿਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਉੱਚਤਾ ਨੂੰ ਤਿਆਗ ਕੇ ਸਿਆਸੀ ਲੋਕਾਂ ਦੀਆਂ ਦੀਆਂ ਕੱਠਪੁਤਲੀਆਂ ਨਾ ਬਣਨ।
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਮਹਾਨ ਹੈ ਅਤੇ ਸਿੱਖ ਪੰਥ ਦੀ ਸ਼ਾਨ ਹੈ। ਇਸ ਲਈ ਤਖ਼ਤਾਂ ਦੇ ਜਥੇਦਾਰਾਂ ਦੀ ਯੋਗਤਾ, ਨਿਯੁਕਤੀ ਅਤੇ ਸੇਵਾ ਮੁਕਤੀ ਲਈ ਵਿਧੀ ਵਿਧਾਨ ਬਣਾਉਣਾ ਸਮੇਂ ਦੀ ਲੋੜ ਹੈ। ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਸੂਬਿਆਂ ਦੀਆਂ , ਵਿਦੇਸ਼ਾਂ ਵਿੱਚ ਰਹਿੰਦੀਆਂ ਸਿੱਖਾਂ ਸੰਗਤਾਂ, ਨਿਹੰਗ ਜਥੇਬੰਦੀਆਂ, ਪੰਥਕ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਵਿੱਚ ਲੈ ਕੇ ਵਿਧਾਨ ਵਿਧੀ ਬਣਾਈ ਜਾਵੇ। ਉਹਨਾਂ ਨੇ ਸਮੂਹ ਸੰਗਤ ਨੂੰ 28 ਮਾਰਚ ਨੂੰ ਅੰਮ੍ਰਿਤਸਰ ਪਹੁੰਚਣ ਦੀ ਅਪੀਲ ਕੀਤੀ ਹੈ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਐਸ ਜੀ ਪੀ ਸੀ ਅੰਮ੍ਰਿਤਸਰ ਦੇ ਮੈਂਬਰਾਂ ਦੀ ਪਾਰਦਰਸ਼ੀ ਢੰਗ ਨਾਲ ਨਵੀਂ ਚੋਂਣ ਕਰਾਉਣ ਦਾ ਪ੍ਰਬੰਧ ਕੀਤਾ ਜਾਵੇ।