
ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਤਲਵੰਡੀ ਸਾਬੋ : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ।
Death
ਇਸੇ ਕੜੀ ਵਿਚ ਅੱਜ ਤਲਵੰਡੀ ਸਾਬੋ ਦੇ ਪਿੰਡ ਭਾਗੀਬਾਂਦਰ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਘਰ ਵਿਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਬੀਰਬਲ ਸਿੰਘ (28) ਪੁੱਤਰ ਸਵ: ਸੁਖਦੇਵ ਸਿੰਘ ਵਜੋਂ ਹੋਈ ਹੈ।
Death
ਕਿਸਾਨ ਕੋਲ ਮਹਿਜ਼ 1 ਏਕੜ ਜ਼ਮੀਨ ਸੀ ਅਤੇ ਉਹ ਜ਼ਮੀਨ ਠੇਕੇ ’ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਸੀ। ਪਿਛਲੇ ਸਮੇਂ ਦੌਰਾਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਅਤੇ ਕਣਕ ਦਾ ਝਾੜ ਘੱਟ ਨਿਕਲਣ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਦੇ ਸਿਰ ’ਤੇ ਲਗਭਗ 4 ਲੱਖ ਰੁਪਏ ਦਾ ਕਰਜ਼ਾ ਸੀ।
Death
ਜਾਣਕਾਰੀ ਅਨੁਸਾਰ ਬੀਰਬਲ ਸਿੰਘ ਦੇ ਵਿਆਹ ਨੂੰ ਸਿਰਫ਼ ਤਿੰਨ ਮਹੀਨੇ ਹੀ ਹੋਏ ਸਨ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਈ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਸੀ, ਜਿਸ ਕਾਰਨ ਬੀਤੀ ਰਾਤ ਆਪਣੇ ਘਰ ਵਿਖੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।