
ਇਨ੍ਹਾਂ ਦਾ ਇੱਕ ਸਾਥੀ ਫ਼ਰਾਰ ਹੈ , ਉਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ : ਪੁਲਿਸ
Amritsar News : ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੋਰੀ -ਲੁੱਟਖੋਹਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲੁੱਟਾਂਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਵੱਖ -ਵੱਖ ਮਾਮਲੇ ਵਿੱਚ ਤਿੰਨ ਦੋਸ਼ੀਆ ਨੂੰ ਕਾਬੂ ਕੀਤਾ।
ਇਸ ਮੌਕੇ ਮੀਡਿਆ ਨੂੰ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਿਟੀ 2 ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਵੱਧ ਰਹੀਆਂ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਨਾਕੇਬੰਦੀਆਂ ਕਰਕੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਕਾਰਵਾਈ ਵਿੱਢੀ ਹੋਈ ਹੈ।
ਜਿਸ ਦੇ ਚੱਲਦੇ ਅੰਮ੍ਰਿਤਸਰ ਥਾਣਾ ਸਿਵਲ ਲਾਈਨਜ ਦੀ ਟੀਮ ਵੱਲੋਂ 2 ਵੱਖ-ਵੱਖ ਮਾਮਲਿਆਂ ਵਿੱਚ ਚੋਰਾਂ ਅਤੇ ਲੁਟੇਰਿਆਂ ਕੋਲੋਂ 12 ਮੋਬਾਇਲ ਫੋਨ, 1 ਮੋਟਰਸਾਇਕਲ ਸਪਲੈਡਰ, 1 ਐਕਟਿਵਾ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸਿਵਿਲ ਲਾਈਨ ਪੁਲਿਸ ਵੱਲੋਂ ਚੋਰੀ ਦੇ ਮੋਬਾਈਲ ਫੋਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਤਿੰਨਾ ਨੌਜਵਾਨਾਂ ਦੀ ਪਛਾਣ ਕਰਨ,ਰਘੂ,ਸੁਜਲ ਦੇ ਰੂਪ 'ਚ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਰਘੂ ਤੋਂ ਵੱਖ-ਵੱਖ ਕੰਪਨੀਆਂ ਦੇ 06 ਮੋਬਾਇਲ ਅਤੇ 1 ਮੋਟਰਸਾਇਕਲ ਸਪਲੈਡਰ ਬਰਾਮਦ ਹੋਇਆ। ਇਸੇ ਤਰ੍ਹਾਂ ਆਰੋਪੀ ਕਰਨ ਅਤੇ ਸੁਜਲ ਤੋਂ ਵੱਖ-ਵੱਖ ਕੰਪਨੀਆਂ ਦੇ 06 ਮੋਬਾਇਲ ਫੋਨ ਅਤੇ 01 ਐਕਟਿਵਾ ਬਰਾਮਦ ਹੋਈ ਹੈ। ਇਸ ਤੋਂ ਇਲਾਵਾ 02 ਮੋਬਾਇਲ ਸੈਮਸੰਗ, 01 ਮਟਰੋਲਾ ਮੋਬਾਇਲ ਫੋਨ, 01 ਉਪੋ ਮੋਬਾਇਲ ਫੋਨ ਸ਼ਮਸ਼ਾਨ ਘਾਟ ਦੇ ਨੇੜੇ ਪਿੰਡ ਨੰਗਲੀ ਭੱਠਾ ਤੋਂ ਬ੍ਰਾਮਦ ਕਰਵਾਏ।
ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਆਰੋਪੀਆਂ ਨੇ ਹੋਰ ਵੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਹਿਲੇ ਕੇਸ ਵਿੱਚ ਰਘੁ ਨਾਮ ਦੇ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦਾ ਇੱਕ ਸਾਥੀ ਫ਼ਰਾਰ ਹੈ, ਜਲਦ ਉਸ ਨੂੰ ਕਾਬੂ ਕਰ ਲਿਆ ਜਾਵੇਗਾ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੀ ਉਮਰ 20 ਸਾਲ ਦੇ ਕਰੀਬ ਹੈ। ਪੁਲਿਸ ਅਧਿਕਾਰੀਆਂ ਦੱਸਿਆ ਕਿ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।