
ਨਸ਼ਿਆਂ ਵਿਰੁਧ ਜਾਗਰੂਕ ਕਰਨ ਲਈ ਮੁੱਖ ਮੰਤਰੀ ਨੇ 15,000 ਤੋਂ ਵਧ ਸਾਈਕਲ ਸਵਾਰਾਂ ਨਾਲ ਕੀਤੀ ਰੈਲੀ
ਸੂਬੇ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਵੱਡੀ ਕਾਰਜ ਯੋਜਨਾ ਦਾ ਐਲਾਨ
ਸੰਗਰੂਰ, 22 ਮਈ (ਬਲਵਿੰਦਰ ਸਿੰਘ ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਾਡ ਤੋਂ ਇਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ | ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇਕ ਵਾਰ ਫਿਰ ਸੰਗਰੂਰ ਦੇ ਲੋਕ ਇਕ ਨੇਕ ਕੰਮ ਲਈ ਇਕੱਠੇ ਹੋਏ ਹਨ |
ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਨਸ਼ਿਆਂ ਵਿਰੁਧ ਵਿਆਪਕ ਪੱਧਰ 'ਤੇ ਜਾਗਰੂਕਤਾ ਪੈਦਾ ਕਰਨਾ ਅਤੇ ਅਣਜਾਣੇ ਵਿਚ ਨਸ਼ੇ ਦੇ ਆਦੀ ਹੋ ਚੁਕੇ ਨੌਜਵਾਨਾਂ ਨੂੰ ਇਸ ਖਤਰੇ ਤੋਂ ਦੂਰ ਕਰਨਾ ਹੈ | 'ਵਿਹਲਾ ਦਿਮਾਗ ਸ਼ੈਤਾਨ ਦਾ ਘਰ' ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਮੌਕੇ ਹੋਣ ਨਾਲ ਸਮਾਜ ਵਿਚ ਨਸ਼ੇ ਲਈ ਕੋਈ ਥਾਂ ਨਹੀਂ ਬਚੇਗੀ | ਮੁੱਖ ਮੰਤਰੀ ਨੇ ਕਿਹਾ Tਸਾਡੀ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਧਰਤੀ 'ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ 'ਤੇ ਨਹੀਂ ਫੁੱਟੇਗਾ | ਜੇਕਰ ਸਾਡੀ ਸਿਹਤ ਅਤੇ ਦਿਮਾਗ ਫਿੱਟ ਰਹੇਗਾ ਤਾਂ ਅਸੀਂ ਮਿਲ ਕੇ ਸੂਬੇ ਨੂੰ ਉੱਚ ਵਿਕਾਸ ਦੇ ਰਾਹ 'ਤੇ ਲਿਆਵਾਂਗੇ |U ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੋਰ ਜਾਗਰੂਕ ਪਹਿਲਕਦਮੀਆਂ ਨੂੰ ਵੱਡੇ ਪੱਧਰ 'ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾ ਸਕੇ |
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਕਈ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ ਅਤੇ ਨਸ਼ਾ ਪੀੜਤ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਹੋਰ ਮੁੜ ਵਸੇਬਾ ਕੇਂਦਰ ਅਤੇ ਕਲੀਨਿਕ ਖੋਲ੍ਹੇ ਜਾਣਗੇ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ 'ਤੇ ਵੀ ਜ਼ੋਰ ਦਿਤਾ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ | ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਹਵਾ ਦੋਵੇਂ ਹੀ ਪ੍ਰਦੂਸ਼ਤ ਹੋ ਚੁੱਕੇ ਹਨ | ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਰਤ ਸਰਕਾਰ ਨੇ ਹਾੜੀ ਦੇ ਸੀਜ਼ਨ 2021-22 ਲਈ ਪੰਜਾਬ ਸਰਕਾਰ ਤੋਂ ਮੂੰਗੀ ਦੀ ਫ਼ਸਲ ਦੀ ਖ਼ਰੀਦ ਲਈ ਮੁੱਲ ਸਮਰਥਨ ਸਕੀਮ ਲਾਗੂ ਕਰਨ ਲਈ ਵੀ ਸਹਿਮਤੀ ਦਿਤੀ ਹੈ |
ਇਸ ਦੌਰਾਨ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁਧ ਪ੍ਰੇਰਿਤ ਕਰਨ ਲਈ ਇਸ ਉਪਰਾਲੇ ਦੀ ਅਗਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਅਰਜੁਨ ਐਵਾਰਡੀ ਪਲਵਿੰਦਰ ਸਿੰਘ ਚੀਮਾ ਅਤੇ ਰਾਜਪਾਲ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਮੈਡਲ ਜੇਤੂ ਐਸਪੀ ਹਰਵੰਤ ਕੌਰ, ਪਦਮ ਸ੍ਰੀ ਸੁਨੀਤਾ ਰਾਣੀ, ਡੀਐਸਪੀ ਪਿ੍ਥਵੀ ਸਿੰਘ ਚਹਿਲ, ਸਤਿੰਦਰ ਸਿੰਘ ਚੱਠਾ, ਸ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਸੁਖਵੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ |
ਫੋਟੋ 22-7